ਸਰੀ, 19 ਜੂਨ : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਰਦੀਪ ਸਿੰਘ ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ। ਉਸ ਨੇ ਬਰੈਂਪਟਨ ਸ਼ਹਿਰ ਵਿਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਖ਼ਿਲਾਫ਼ ਕਥਿਤ ਤੌਰ 'ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ ਤੇ NIA ਨੇ ਉਸ 'ਤੇ 10 ਲੱਖ ਦਾ ਇਨਾਮ ਵੀ ਰੱਖਿਆ ਹੋਇਆ ਸੀ। ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪੰਜਾਬ ਵਿਚ ਅੱਤਵਾਦੀ ਕਾਰਵਾਈਆਂ ਵਿਚ ਕਥਿਤ ਸ਼ਮੂਲੀਅਤ ਲਈ ਨਿੱਝਰ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ।