ਟੋਰਾਂਟੋ 'ਚ ਵਿਅਕਤੀ ਨੇ ਪੱਬ 'ਚ ਦਾਖਲ ਹੋ ਕੇ ਕੀਤੀ ਫਾਇਰਿੰਗ, 12 ਜ਼ਖਮੀ

ਟੋਰਾਂਟੋ, 8 ਮਾਰਚ 2025 : ਕੈਨੇਡਾ ਦੇ ਟੋਰਾਂਟੋ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਪੱਬ ਵਿੱਚ ਹੋਈ ਗੋਲੀਬਾਰੀ ਵਿੱਚ 12 ਲੋਕ ਜ਼ਖ਼ਮੀ ਹੋ ਗਏ। ਟੋਰਾਂਟੋ ਪੁਲਿਸ ਨੇ ਦੱਸਿਆ ਹੈ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10:30 ਵਜੇ ਸਕਾਰਬੋਰੋ ਟਾਊਨ ਸੈਂਟਰ ਮਾਲ ਨੇੜੇ ਪ੍ਰੋਗਰੈਸ ਐਵੇਨਿਊ ਅਤੇ ਕਾਰਪੋਰੇਟ ਡਰਾਈਵ 'ਤੇ ਵਾਪਰੀ। ਪੁਲਸ ਨੇ ਦੱਸਿਆ ਕਿ ਇਕ ਸ਼ੱਕੀ ਵਿਅਕਤੀ ਨੇ ਪੱਬ 'ਚ ਦਾਖਲ ਹੋ ਕੇ ਅਚਾਨਕ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੈ, ਪੁਲਸ ਉਸ ਬਾਰੇ ਪੁੱਛਗਿੱਛ ਕਰ ਰਹੀ ਹੈ। ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਸੀਸੀਟੀਵੀ ਫੁਟੇਜ ਵੀ ਇਕੱਠੀ ਕੀਤੀ ਜਾ ਰਹੀ ਹੈ। ਸਕਾਰਬਰੋ ਦੇ ਇਕ ਪੱਬ 'ਚ ਹੋਈ ਇਸ ਗੋਲੀਬਾਰੀ 'ਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕਈ ਲੋਕਾਂ ਨੂੰ ਟਰਾਮਾ ਸੈਂਟਰ ਲਿਜਾਇਆ ਗਿਆ ਹੈ। ਪੁਲਿਸ ਨੇ ਅਜੇ ਤੱਕ ਪੀੜਤਾਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ। ਉਨ੍ਹਾਂ ਦੇ ਨਾਵਾਂ ਦਾ ਵੀ ਖੁਲਾਸਾ ਨਹੀਂ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚਣ ਦੀ ਗੱਲ ਕਹੀ ਜਾ ਰਹੀ ਹੈ। ਟੋਰਾਂਟੋ ਦੀ ਮੇਅਰ ਓਲੀਵੀਆ ਚਾਉ ਨੇ ਸ਼ਨੀਵਾਰ ਸਵੇਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ, "ਮੈਂ ਸਕਾਰਬਰੋ ਦੇ ਇੱਕ ਪੱਬ ਵਿੱਚ ਗੋਲੀਬਾਰੀ ਬਾਰੇ ਸੁਣ ਕੇ ਬਹੁਤ ਦੁਖੀ ਹਾਂ। ਮੈਂ ਚੀਫ ਡੇਮਕੀਵ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਮੁੱਢਲੀ ਜਾਂਚ ਅਜੇ ਜਾਰੀ ਹੈ। ਪੁਲਿਸ ਹੋਰ ਜਾਣਕਾਰੀ ਦੇਵੇਗੀ। ਮੇਰੇ ਵਿਚਾਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਕੈਨੇਡਾ ਵਿੱਚ ਪਹਿਲਾਂ ਵੀ ਗੋਲੀਬਾਰੀ ਦੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਸਾਲ 2022 'ਚ ਅਜਿਹੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਜਦੋਂ ਨੋਵਾ ਸਕੋਸ਼ੀਆ ਵਿੱਚ ਇੱਕ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ 22 ਲੋਕਾਂ ਨੂੰ ਮਾਰ ਦਿੱਤਾ। ਇਹ ਕੈਨੇਡਾ ਦੀ ਸਭ ਤੋਂ ਖੂਨੀ ਗੋਲੀਬਾਰੀ ਸੀ। ਇਹ ਕਰੀਬ 12 ਘੰਟੇ ਚੱਲਿਆ, ਜਿਸ ਵਿੱਚ ਹਮਲਾਵਰ ਵੀ ਮਾਰਿਆ ਗਿਆ।