ਅੰਮ੍ਰਿਤਸਰ, 25 ਨਵੰਬਰ 2024 : ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਤਮਸਤਕ ਹੋਏ। ਇਸ ਉਪਰੰਤ ਸਪੀਕਰ ਸੰਧਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਪਹੁੰਚੇ ਸਨ। ਜ਼ਿਮਨੀ ਚੋਣਾਂ 'ਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ। ਜੋ ਅਸੰਭਵ ਨੂੰ ਸੰਭਵ ਬਣਾ ਦਿੰਦੀ ਹੈ। ਸਪੀਕਰ ਸੰਧਵਾ ਨੇ ਬੇਅਦਬੀ ਦੇ ਮਾਮਲਿਆਂ ਸਬੰਧੀ ਕਿਹਾ ਕਿ ਦੋ ਸਰਕਾਰਾਂ ਲੰਘੀਆਂ ਹਨ, ਕਿਸੇ ਨੇ ਬੇਅਦਬੀ ਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ, ਸਗੋਂ ਉਨ੍ਹਾਂ ਦੀ ਆਪ ਪਾਰਟੀ ਦੀ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ ਹਨ।