ਅੰਮ੍ਰਿਤਸਰ, 11 ਨਵੰਬਰ : ਗੁਰਪਤਵੰਤ ਸਿੰਘ ਪੰਨੂ ਵੱਲੋਂ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਅਲਰਟ ਜਾਰੀ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਨੂ ਦੀ ਪੰਜਾਬ ਦੇ ਸੰਵੇਦਨਸ਼ੀਲ ਇਲਾਕਿਆਂ ‘ਚ ਦਹਿਸ਼ਤ ਫੈਲਾਉਣ ਦੀ ਯੋਜਨਾ ਨੂੰ ਨਾਕਾਮ ਕਰਨ ਲਈ ਪੁਲਿਸ ਫੋਰਸ ਅਤੇ ਕੇਂਦਰੀ ਏਜੰਸੀਆਂ ਲਗਾਤਾਰ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ। ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਇਕ ਸੰਦੇਸ਼ ‘ਚ ਪੰਨੂ ਨੇ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਪੰਨੂ ਨੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ 19 ਨਵੰਬਰ ਨੂੰ ਏਅਰ ਇੰਡੀਆ ਦੀ ਕਿਸੇ ਵੀ ਫਲਾਈਟ ਰਾਹੀਂ ਯਾਤਰਾ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।