ਅੰਮ੍ਰਿਤਸਰ, 5 ਜੂਨ : ਸਾਕਾ ਨੀਲਾ ਤਾਰਾ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀਆਂ ਵੱਲੋਂ ਅੱਜ ਬੁੱਧਵਾਰ ਸ਼ਾਮ ਨੂੰ ਖਾਲਸਾ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ ਦੇ ਮੋਢਿਆਂ 'ਤੇ ਹੈ। ਪੁਲਿਸ ਨੇ ਇੱਕ ਵਾਰ ਫਿਰ ਗੁਰੂਨਗਰੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਹੱਦੀ ਰੇਂਜ ਦੇ ਸਾਰੇ ਜ਼ਿਲ੍ਹਿਆਂ ਤੋਂ ਪੁਲੀਸ ਬਲ ਬੁਲਾਏ ਗਏ ਹਨ। ਪੁਲਿਸ ਟਰੇਨਿੰਗ ਸੈਂਟਰ ਵਿੱਚ ਟ੍ਰੇਨਿੰਗ ਲੈ ਰਹੇ ਪੁਲਿਸ ਮੁਲਾਜ਼ਮਾਂ ਨੂੰ ਵੀ ਅੰਮ੍ਰਿਤਸਰ ਵਿੱਚ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ 45 ਦੇ ਕਰੀਬ ਗਜ਼ਟਿਡ ਪੁਲੀਸ ਅਧਿਕਾਰੀ ਵੀ ਡਿਊਟੀ ਲਈ ਪੁੱਜੇ ਹੋਏ ਹਨ। ਇਨ੍ਹਾਂ ਵਿਚ ਸਭ ਤੋਂ ਵੱਧ ਸਾਬਤ ਸੂਰਤ ਗੁਰੂ ਸਿੱਖ ਹਨ। ਉਨ੍ਹਾਂ ਦੀ ਡਿਊਟੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸਿਵਲ ਡਰੈੱਸ ਵਿੱਚ ਲਗਾਈ ਜਾ ਰਹੀ ਹੈ। ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੇ ਸਾਰੇ ਸਿਖਲਾਈ ਕੇਂਦਰਾਂ ਤੋਂ 2000 ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਹੈ।ਇਸ ਤੋਂ ਇਲਾਵਾ ਸਰਹੱਦੀ ਰੇਂਜ ਦੇ ਜ਼ਿਲ੍ਹਿਆਂ ਅੰਮ੍ਰਿਤਸਰ ਦੇਹਾਤੀ, ਤਰਨਤਾਰਨ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਤੋਂ ਵੀ ਪੁਲੀਸ ਬਲ ਅੰਮ੍ਰਿਤਸਰ ਬੁਲਾਏ ਗਏ ਹਨ। ਇਸ ਤੋਂ ਇਲਾਵਾ ਪੀਏਪੀ ਅਤੇ ਏਆਰਪੀ ਦੇ ਜਵਾਨਾਂ ਨੂੰ ਵੀ ਅੰਮ੍ਰਿਤਸਰ ਵਿੱਚ ਡਿਊਟੀ ਲਈ ਬੁਲਾਇਆ ਗਿਆ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ 10 ਐਸਐਸਪੀ ਰੈਂਕ ਦੇ ਅਧਿਕਾਰੀ, 15 ਐਸਪੀ ਕਮਾਂਡੈਂਟ ਅਤੇ ਹੋਰ ਜ਼ਿਲ੍ਹਿਆਂ ਤੋਂ 10 ਡੀਐਸਪੀ ਡਿਊਟੀ ਲਈ ਅੰਮ੍ਰਿਤਸਰ ਪੁੱਜੇ ਹਨ। ਸੁਰੱਖਿਆ ਪ੍ਰਬੰਧਾਂ ਲਈ ਅੰਮ੍ਰਿਤਸਰ ਸ਼ਹਿਰ ਦੇ 4000 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।