- ਚੇਅਰਮੈਨ ਰਮਨ ਬਹਿਲ ਅਤੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਨੂੰ ਵਧਾਈ ਦਿੱਤੀ
- ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ - ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ
ਗੁਰਦਾਸਪੁਰ, 3 ਅਕਤੂਬਰ : ਸ੍ਰੀ ਭਾਰਤ ਭੂਸ਼ਨ ਸ਼ਰਮਾਂ ਨੇ ਅੱਜ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਭਾਰਤ ਭੂਸ਼ਨ ਸ਼ਰਮਾਂ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਦਾ ਸਟਾਫ ਅਤੇ ਹੋਰ ਆਗੂ ਵੀ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਨਸ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਸੇਵਾ ਉਨ੍ਹਾਂ ਦੀ ਜ਼ਿੰਦਗੀ ਦੀ ਮੁੱਖ ਮਨੋਰਥ ਹੈ ਅਤੇ ਉਹ ਇਸ ਅਹੁਦੇ ਜਰੀਏ ਵੀ ਆਪਣੇ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਉਨ੍ਹਾਂ ਦੇ ਦਫ਼ਤਰ ਅਤੇ ਘਰ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ ਨੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਨੂੰ ਨਵੀਂ ਜਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਬਹੁਤ ਹੀ ਇਮਾਨਦਾਰ ਆਗੂ ਹਨ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਵੱਡੀਆਂ ਸੇਵਾਵਾਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਆਪਣੇ ਇਮਾਨਦਾਰ ਅਤੇ ਮਿਹਨਤ ਕਰਨ ਵਾਲੇ ਆਗੂਆਂ ਨੂੰ ਅਹੁਦਿਆਂ ਨਾਲ ਨਿਵਾਜਦੀ ਹੈ ਅਤੇ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਦੀ ਚੇਅਰਮੈਨ ਲਈ ਚੋਣ ਪਾਰਟੀ ਦਾ ਬਹੁਤ ਵਧੀਆ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾਂ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਗੁਰਦਾਸਪੁਰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗੀ।