- ਬ੍ਰਹਮਪੁਰਾ ਨੇ ‘ਆਪ’, ਕਾਂਗਰਸ ਅਤੇ ਭਾਜਪਾ ਨੂੰ ਕਿਸਾਨ ਅਤੇ ਸਿੱਖ ਵਿਰੋਧੀ ਕਰਾਰ ਦਿੱਤਾ
- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵੱਲੋਂ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਨਿਖੇਧੀ
- ਬ੍ਰਹਮਪੁਰਾ ਵੱਲੋਂ ਪੰਜਾਬ ਦੀਆਂ ਲੋਕ ਸਭਾ ਚੋਣਾਂ ‘ਚ ਵਿਰੋਧੀ ਪਾਰਟੀਆਂ ਨੂੰ ਨਕਾਰਨ ਲਈ ਨਾਗਰਿਕਾਂ ਨੂੰ ਅਪੀਲ
ਤਰਨ ਤਾਰਨ 11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਕ ਸਪਸ਼ਟ ਸ਼ਬਦਾਂ ਦੇ ਅਰਥ ਵਿਚ ਪ੍ਰੈਸ ਬਿਆਨ ਜਾਰੀ ਕਰਦਿਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨਾਕਾਮੀਆਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਕਿਸਾਨ ਅਤੇ ਸਿੱਖ ਵਿਰੋਧੀ ਕਰਾਰ ਦਿੱਤਾ ਹੈ ਜੋ ਕਿ ਪੰਜਾਬੀਆਂ ਅਤੇ ਪੰਜਾਬੀਅਤ ਦੀ ਭਲਾਈ ਲਈ ਭਵਿੱਖ ਵਿਚ ਨੁਕਸਾਨਦੇਹ ਹੈ। ਸ੍ਰ. ਬ੍ਰਹਮਪੁਰਾ ਨੇ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਸਿੱਖ ਗੁਰਦੁਆਰਿਆਂ ‘ਤੇ ਹੋਏ ਘਿਨਾਉਣੇ ਹਮਲੇ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਅੱਤਿਆਚਾਰਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ‘ਆਪ’ ਵੱਲੋਂ ਪੰਜਾਬ ਦੇ ਨੌਜਵਾਨਾਂ ‘ਤੇ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਥੋਪਣ ਦੀ ਨਿਖੇਧੀ ਕੀਤੀ ਅਤੇ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇੰਨ੍ਹਾਂ ਸਿਆਸੀ ਪਾਰਟੀਆਂ ਨੇ ਇਤਿਹਾਸਕ ਤੌਰ ‘ਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ ਹੈ। ਸ੍ਰ. ਬ੍ਰਹਮਪੁਰਾ ਨੇ ਪ੍ਰੈੱਸ ਨੂੰ ਆਪਣੇ ਸੰਬੋਧਨ ਵਿਚ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਅਸਲੀ ਨੁਮਾਇੰਦਗੀ ਸਿਰਫ਼ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਉਨ੍ਹਾਂ ਪਾਰਟੀਆਂ ਦਾ ਸਮਰਥਨ ਕਰਨ ਤੋਂ ਗੁਰੇਜ਼ ਕਰਨ ਦਾ ਸੱਦਾ ਦਿੱਤਾ ਜਿੰਨ੍ਹਾਂ ਨੇ ਪਿਛਲੇ ਕਈ ਦਹਾਕਿਆਂ ਤੋਂ ਲਗਾਤਾਰ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਪ੍ਰਤੀ ਦੁਸ਼ਮਣੀ ਦਿਖਾਈ ਹੈ। ਸ੍ਰ. ਬ੍ਰਹਮਪੁਰਾ ਨੇ ਪੰਜਾਬ ਦੇ ਲੋਕਾਂ ਤੋਂ ਮੰਗ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਅਤੇ ਉਨ੍ਹਾਂ ਪਾਰਟੀਆਂ ਦਾ ਸਮਰਥਨ ਨਾ ਕਰਨ ਜਿੰਨ੍ਹਾਂ ਨੇ ਆਪਣੇ ਸੂਬੇ ਦੇ ਹਿੱਤਾਂ ਵਿਰੁੱਧ ਕੰਮ ਕਰਨ ਦਾ ਮੰਦਭਾਗਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਈਏ ਜੋ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਕਦਰਾਂ-ਕੀਮਤਾਂ ਨੂੰ ਸੱਚਮੁੱਚ ਸਮਝਦਾ ਹੈ ਸ੍ਰ. ਬ੍ਰਹਮਪੁਰਾ ਨੇ ਅੰਤ ਵਿੱਚ ਲੋਕਾਂ ਦਰਮਿਆਨ ਏਕਤਾ ਅਤੇ ਭਾਈਚਾਰਕ ਸਾਂਝ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੂੰ ਇੱਕ ਅਜਿਹੀ ਪਾਰਟੀ – ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਇਮਾਨਦਾਰੀ ਨਾਲ ਚੋਣ ਕਰਨ ਦੀ ਅਪੀਲ ਕੀਤੀ।