- ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਦਿਨੋ-ਦਿਨ ਵੱਧ ਰਿਹਾ ਲੋਕ ਆਧਾਰ
ਬਟਾਲਾ, 2 ਅਗਸਤ : ਕਾਂਗਰਸ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਅਣਥੱਕ ਸੀਨਿਅਰ ਆਗੂ ਬੰਟੀ ਟਰੇਂਡਜ ਵਾਲੇ ਆਪਣੇ ਕਈ ਪਰਿਵਾਰਾਂ ਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਬੰਟੀ ਟਰੇਂਡਜ ਤੇ ਉਨ੍ਹਾਂ ਦੇ ਸਾਥੀਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿੱਚ ਸਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਗੁਰਿੰਦਰ ਸਿੰਘ ਨੀਲੂ, ਦਲਜੀਤ ਸਿੰਘ ਪੱਡਾ, ਸਾਬਕਾ ਡੀਐਸਪੀ ਕੁਲਵੰਤ ਸਿੰਘ , ਮਨਜੀਤ ਸਿੰਘ, ਬਲਰਾਜ ਸਿੰਘ, ਜਗੀਰ ਸਿੰਘ, ਰਵਿੰਦਰ ਸਿੰਘ ਬੰਟੀ, ਕਿਸ਼ਨ ਸਿੰਘ, ਆਕਾਸ਼ਦੀਪ ਸਿੰਘ, ਡਾ ਨਿਰਮਲ ਸਿੰਘ, ਬਲਰਾਜ ਸਿੰਘ ਤੇ ਜਸਵਿੰਦਰ ਸਿੰਘ ਮੱਲੀ ਹਾਜ਼ਰ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ, ਦਿਨੋ-ਦਿਨ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਲਗਾਤਾਰ ਵੱਧ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕ੍ਰਮਵਾਰ ਦਿੱਲੀ ਤੇ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਪੂਰੇ ਦੇਸ਼ ਵਿੱਚ ਆਪ ਪਾਰਟੀ ਦਾ ਲੋਕ ਆਧਾਰ ਵਧਿਆ ਹੈ। ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮਹਿਜ 15 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜੋ ਪਹਿਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ। ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਵੱਖ ਵੱਖ ਵਿਭਾਗਾਂ ਤੇ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵਿਸ਼ੇਸ ਰਣਨੀਤੀ ਉਲੀਕੀ ਗਈ ਹੈ।