- ਸ਼ਤਾਬਦੀ ਕਮੇਟੀ ਦੀ ਇਕੱਤਰਤਾ ਦੌਰਾਨ ਸਮਾਗਮਾਂ ਦੀ ਰੂਪ-ਰੇਖਾ ਕੀਤੀ ਤਿਆਰ
ਅੰਮ੍ਰਿਤਸਰ, 5 ਜੂਨ : ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਹਾੜੇ ਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਗਠਤ ਕੀਤੀ ਇਸ ਸ਼ਤਾਬਦੀ ਕਮੇਟੀ ਵੱਲੋਂ ਦੋਹਾਂ ਸ਼ਤਾਬਦੀ ਦਿਹਾੜਿਆਂ ਸਬੰਧੀ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੇ ਜਾਣ ਵਾਲੇ ਵਿਸ਼ਾਲ ਸਮਾਗਮਾਂ ਦੀ ਰੂਪ-ਰੇਖਾ ਤੈਅ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼ਤਾਬਦੀਆਂ ਸਮਾਗਮਾਂ ਦੀ ਸ਼ੁਰੂਆਤ ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾ ਕੇ ਕੀਤੀ ਜਾਵੇਗੀ, ਜਦਕਿ ਇਥੋਂ ਹੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੱਕ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਭਾਈ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਦੇ ਮੁੱਖ ਸਮਾਗਮਾਂ ਤਹਿਤ 13 ਸਤੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੀ ਕੌਮੀ ਪੱਧਰ ਦਾ ਗੁਰਮਤਿ ਸਮਾਗਮ ਹੋਵੇਗਾ। ਭਾਈ ਮਹਿਤਾ ਅਨੁਸਾਰ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਸਮਾਗਮ 15 ਤੋਂ 18 ਸਤੰਬਰ ਤੀਕ ਹੋਣਗੇ, ਜਿਸ ਤਹਿਤ 15 ਸਤੰਬਰ ਨੂੰ ਆਸਟ੍ਰੇਲੀਆ ਦੀ ਸਹਿਜਪਾਠ ਸੇਵਾ ਸੰਸਥਾ ਰਾਹੀਂ ਚੱਲ ਰਹੇ ਸਹਿਜਪਾਠਾਂ ਦੇ ਭੋਗ ਪਾਏ ਜਾਣਗੇ। 16 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਪੂਰਾ ਦਿਨ ਸਿੱਖ ਮਿਸ਼ਨਰੀ ਕਾਲਜਾਂ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਕੀਰਤਨ, ਕਵੀਸ਼ਰੀ ਵਾਰਾਂ, ਕਵਿਤਾਵਾਂ, ਲੈਕਚਰ ਆਦਿ ਵੱਖ-ਵੱਖ ਸਮਾਗਮ ਜਾਰੀ ਰਹਿਣਗੇ ਅਤੇ ਸ਼ਾਮ ਨੂੰ ਕੌਮੀ ਪੱਧਰ ਦੇ ਗੱਤਕਾ ਮੁਕਾਬਲੇ ਹੋਣਗੇ। 17 ਸਤੰਬਰ ਨੂੰ ਸ੍ਰੀ ਖਡੂਰ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਪੈਦਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਵੇਲੇ ਪ੍ਰਸਿੱਧ ਢਾਡੀ, ਕਵੀਸ਼ਰ ਅਤੇ ਕਵੀ ਦਰਬਾਰ ਕਰਵਾਏ ਜਾਣਗੇ। ਭਾਈ ਮਹਿਤਾ ਨੇ ਦੱਸਿਆ ਕਿ 18 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਤਾਬਦੀ ਦਾ ਮੁੱਖ ਸਮਾਗਮ ਆਯੋਜਤ ਕੀਤਾ ਜਾਵੇਗਾ, ਜਿਸ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਨ੍ਹਾਂ ਸ਼ਤਾਬਦੀ ਦਿਹਾੜਿਆਂ ਮੌਕੇ ਵਿਸ਼ੇਸ਼ ਸੋਵੀਨਰ ਅਤੇ ਕਿਤਾਬਚੇ ਛਪਵਾਉਣ ਦੇ ਨਾਲ-ਨਾਲ ਇਕ ਸਿੱਖ ਸੰਮੇਲਨ ਵੀ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਭਾਈ ਗੁਰਦਾਸ ਜੀ ਦੇ ਨਾਮ ’ਤੇ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ’ਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲਾਇਬ੍ਰੇਰੀ ਸਥਾਪਤ ਕੀਤੀ ਜਾਵੇਗੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਗੁਰਪ੍ਰੀਤ ਕੌਰ, ਧਰਮ ਪ੍ਰ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਮੌਜੂਦ ਸਨ।