- ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀਆਂ ਬਿਜਾਈ ਕਰਨ ਦੀ ਅਪੀਲ
ਬਟਾਲਾ, 1 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵਲੋਂ ਜਿਲ੍ਹੇ ਭਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਡਾ. ਕ੍ਰਿਪਾਲ ਸਿੰਘ ਢਿਲੋਂ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਪਿੰਡ ਕੀੜੀ ਅਫਗਾਨਾ, ਰਸੂਲਪੁਰ, ਔਲਖ ਕਲਾਂ ਤੇ ਮਨੇਸ ਵਿਖੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ, ਜਿਸ ਕਾਰਨ ਫ਼ਸਲਾਂ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਨੂੰ ਆਰਥਿਕ ਘਾਟਾ ਪੈਂਦਾ ਹੈ। ਉਨਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਇਸ ਦੇ ਨਾਲ-ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜਹਿਰੀਲੀਆਂ ਗੈਸਾ ਪੈਦਾ ਹੰੁਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਨਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ। ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ਤੱਕ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।