- ਡਿਪਟੀ ਕਮਿਸ਼ਨਰ ਵੱਲੋਂ 15 ਅਗਸਤ ਤੱਕ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਪ੍ਰਕਿਰਿਆ ਮੁਕੰਮਲ ਕਰਨ ਦੀਆਂ ਹਦਾਇਤਾਂ
- ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਯੋਗ ਮੁਆਵਜ਼ਾ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 6 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਸ਼ਾਮ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਪੱਖੋ-ਕੇ-ਰੰਧਾਵਾ, ਧਰਮਕੋਟ ਪੱਤਣ ਦਾ ਦੌਰਾ ਕੇ ਓਥੇ ਬਾਰਸ਼ਾਂ ਅਤੇ ਰਾਵੀ ਦਰਿਆ ਦੇ ਪਾਣੀ ਕਾਰਨ ਹੋਏ ਨੁਕਾਸਨ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ 15 ਅਗਸਤ ਤੋਂ ਪਹਿਲਾਂ-ਪਹਿਲਾਂ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਜੰਗੀ ਪੱਧਰ ਤੇ ਜਾਰੀ ਹੈ ਅਤੇ 15 ਅਗਸਤ ਤੋਂ ਪਹਿਲਾਂ ਪਹਿਲਾਂ ਗਿਰਦਾਵਰੀ ਦੇ ਕੰਮ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਰਾਂ, ਪਸ਼ੂਆਂ ਤੇ ਹੋਰ ਜਾਨ-ਮਾਲ ਦੇ ਨੁਕਸਾਨ ਦਾ ਮੁਲਾਂਕਣ ਵੀ ਕੀਤਾ ਜਾਵੇ ਤੇ ਕੋਈ ਵੀ ਇਸ ਸਪੈਸ਼ਲ ਗਿਰਦਾਵਰੀ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਹ ਖੁਦ ਹਰ ਰੋਜ਼ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ ਅਤੇ ਹੁਣ ਤੱਕ ਹੋਈ ਪ੍ਰਗਤੀ ਬਾਰੇ ਨਿਰੀਖਣ ਕਰਨ ਲਈ ਹੀ ਅੱਜ ਉਹ ਵੱਖ-ਵੱਖ ਪਿੰਡਾਂ ਤੇ ਪ੍ਰਭਾਵਿਤ ਹੋਰ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜ੍ਹੀ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ ਤੇ ਸਰਕਾਰ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।