
- ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਵਾਕਥਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ
ਗੁਰਦਾਸਪੁਰ, 23 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦਾ ਸਾਥ ਲੈ ਕੇ ਨਸ਼ਿਆਂ ਖ਼ਿਲਾਫ਼ ਇੱਕ ਲੋਕ ਲਹਿਰ ਖੜੀ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਯਤਨਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਅਪ੍ਰੈਲ 2025 ਨੂੰ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਵਾਕਥਨ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਇਸ ਵਾਕਥਨ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇਹ ਵਾਕਥਨ ਮਿਤੀ 26 ਅਪ੍ਰੈਲ 2025 ਨੂੰ ਸਵੇਰੇ 6:30 ਵਜੇ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਤੋਂ ਸ਼ੁਰੂ ਹੋਵੇਗੀ ਜੋ ਪੰਚਾਇਤ ਭਵਨ, ਜਹਾਜ਼ ਚੌਂਕ, ਹਨੂੰਮਾਨ ਚੌਂਕ, ਗੀਤਾ ਭਵਨ ਰੋਡ ਰਾਹੀਂ ਹੁੰਦੀ ਹੋਈ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਕਥਨ ਦੀ ਅਗਵਾਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕਰਨਗੇ ਜਦਕਿ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ, ਐੱਨ.ਸੀ.ਸੀ. ਕੈਡਿਟਸ, ਦਿਵਿਆਂਗ ਬੱਚੇ (ਸਪੈਸ਼ਲ ਬੱਚੇ) ਖਿਡਾਰੀ, ਲੇਖਕ ਅਤੇ ਸਮਾਜ ਦੇ ਹਰੇਕ ਵਰਗ ਨਾਲ ਸਬੰਧਿਤ ਵਿਅਕਤੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਵਾਕਥਨ ਦੀ ਸਮਾਪਤੀ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਨਸ਼ਿਆਂ ਵਿਰੁੱਧ ਇੱਕ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਸ ਵਾਕਥਨ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਅਤੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਂਦੇ ਇਸ ਈਵੈਂਟ ਨੂੰ ਕਾਮਯਾਬ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ 26 ਅਪ੍ਰੈਲ ਨੂੰ ਸਵੇਰੇ 6:30 ਵਜੇ ਇਸ ਵਾਕਥਨ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਆਪਣੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਿਆ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਪੀ.ਸੀ.ਐੱਸ. ਅਧਿਕਾਰੀ ਸ੍ਰੀ ਰੁਪਿੰਦਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੀਆਂ ਪ੍ਰਮੁੱਖ ਸਿੱਖਿਆ ਸੰਸਥਾਵਾਂ ਦੇ ਮੁਖੀ ਹਾਜ਼ਰ ਸਨ।