- ਡਿਪਟੀ ਕਮਿਸ਼ਨਰ ਨੇ ਫੂਡ ਸੇਫ਼ਟੀ ਟੀਮਾਂ ਨੂੰ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ
ਗੁਰਦਾਸਪੁਰ, 12 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਾਇਕ ਕਮਿਸ਼ਨਰ, ਫੂਡ ਦੀ ਡਿਊਟੀ ਲਗਾਈ ਹੈ ਕਿ ਉਹ ਆਪਣੀ ਫੂਡ ਸੇਫਟੀ ਦੀਆਂ ਟੀਮਾਂ ਸਮੇਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੜਕ ਕਿਨਾਰੇ ਲੋਕਾਂ ਵਲੋਂ ਬਣਾਏ ਜਾ ਰਹੇ ਗੁੜ ਦੀ ਕੁਆਲਟੀ ਅਤੇ ਉਸਦੇ ਆਸ-ਪਾਸ ਦੀ ਸਫ਼ਾਈ ਨੂੰ ਲਗਾਤਾਰ ਚੈੱਕ ਕਰਨਗੇ। ਜੇਕਰ ਕਿਸੇ ਵਿਅਕਤੀ ਵੱਲੋਂ ਘਟੀਆ ਮਟੀਰੀਅਲ ਵਰਤ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਤਾਂ ਉਸਦੇ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੀਡੀਆ ਰੀਪੋਰਟਾਂ ਤੋਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੜਕਾਂ ਦੇ ਕਿਨਾਰੇ ਕੁਝ ਲੋਕਾਂ ਵੱਲੋਂ ਗੰਨੇ ਪੀੜਨ ਲਈ ਵੇਲਣੇ ਲਗਾ ਕੇ ਬਣਾਏ ਜਾ ਰਹੇ ਗੁੜ ਵਿੱਚ ਕਈ ਤਰ੍ਹਾਂ ਦੇ ਕੈਮੀਕਲ ਮਿਲਾਏ ਜਾ ਰਹੇ ਹਨ ਜੋ ਕਿ ਲੋਕਾਂ ਦੀ ਸਿਹਤ ਲਈ ਅਤਿ ਹਾਨੀਕਾਰਕ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੀ ਹੋਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਲੋੜੀਂਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।