ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਤਨਾਮ ਸਿੰਘ ਬਾਠ ਵੱਲੋਂ ਪਾਸ ਹੋਏ ਵਿਦਿਆਰਥੀਆਂ ਨੂੰ ਦਿੱਤੀ ਵਧਾਈ

  • ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਜੀ ਆਇਆਂ ਨੂੰ

ਤਰਨ ਤਾਰਨ, 31 ਮਾਰਚ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਪਰਮਜੀਤ ਸਿੰਘ ਨੇ ਨਾਨ ਬੋਰਡ ਜਮਾਤਾਂ ਵਿੱਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਜੀ ਆਇਆ ਨੂੰ ਕਿਹਾ। ਇੱਥੇ ਵਰਣਨ ਯੋਗ ਹੈ, ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਮਿਤੀ 29 ਮਾਰਚ ਨੂੰ ਸਾਰੇ ਸਰਕਾਰੀ ਸਕੂਲਾਂ ਵਿੱਚ ਨਾਨ ਬੋਰਡ ਜਮਾਤਾਂ ਦੇ ਨਤੀਜੇ ਐਲਾਨੇ ਗਏ ਸਨ। ਇਸ ਮੌਕੇ ਮੈਗਾ ਮਾਪੇ ਅਧਿਆਪਕ ਮਿਲਣੀ ਵੀ ਕਰਵਾਈ ਗਈ ਸੀ, ਜਿਸ ਵਿੱਚ ਮਾਪਿਆਂ ਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਗਿਆ ਸੀ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਸਮੂਹ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੀ ਬਿਹਤਰੀ ਲਈ ਕੀਤੀ ਜਾ ਰਹੀ ਸਖਤ ਮਿਹਨਤ ਸਲਾਹੁਣ ਯੋਗ ਹੈ। ਉਹਨਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸੈਸ਼ਨ ਦੀ ਸ਼ੁਰੂਆਤ ਮੌਕੇ ਪਹਿਲੇ ਦਿਨ ਤੋਂ ਹੀ ਸਿੱਖਿਆ ਦੀ ਹੋਰ ਬਿਹਤਰੀ ਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਮਿਹਨਤ ਕਰਨੀ ਆਰੰਭ ਕਰ ਦੇਣ। ਉਹਨਾਂ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਕ ਅਪ੍ਰੈਲ ਤੋਂ ਸਕੂਲ ਆਉਣ ਲਈ ਅਪੀਲ ਕੀਤੀ। ਇਥੇ ਵਰਨਣਯੋਗ ਹੈ, ਕਿ ਪਹਿਲੀ ਅਪ੍ਰੈਲ ਤੋਂ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ।  ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਸਾਰੇ ਹੀ ਵਿਦਿਆਰਥੀਆਂ ਦੀਆਂ ਕਿਤਾਬਾਂ ਸਕੂਲਾਂ ਵਿੱਚ ਪਹੁੰਚ ਚੁੱਕੀਆਂ ਹਨ। ਉਹਨਾਂ ਸਮੂਹ ਵਿਦਿਆਰਥੀਆਂ ਨੂੰ ਨਵੀਂਆਂ ਜਮਾਤਾਂ ਵਿੱਚ ਹੋਰ ਵਧੇਰੇ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਨਾਲ ਆਪਣੀ ਕਾਰਗੁਜ਼ਾਰੀ ਨੂੰ ਪ੍ਰਦਰਸ਼ਿਤ ਕਰਨ ਲਈ ਪ੍ਰੇਰਿਤ ਕਰਦਿਆਂ ਅਧਿਆਪਕ ਸਾਹਿਬਾਨ ਨੂੰ ਸ਼ੁਰੂ ਸਾਲ ਤੋਂ ਹੀ ਇਹਨਾਂ ਵਿਦਿਆਰਥੀਆਂ ਤੋਂ ਪੂਰੀ ਤਨਦੇਹੀ ਨਾਲ ਪੜਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਪਰਮਜੀਤ ਸਿੰਘ ਨੇ ਅਧਿਆਪਕ ਸਾਹਿਬਾਨ ਨੂੰ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ ਦੌਰਾਨ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ।