- ਝੋਨੇ ਦੀ ਸਿੱਧੀ ਬਿਜਾਈ ਤੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਏਗੀ: ਡਿਪਟੀ ਕਮਿਸ਼ਨਰ
ਤਰਨਤਾਰਨ 14 ਜੂਨ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਾਣਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ੍ਰੀ ਜਸਵੰਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਭੱਠਲ ਫ਼ਾਰਮ, ਨੌਸ਼ਹਿਰਾ ਪਨੂੰਆਂ ਤਰਨਤਾਰਨ ਵਿਖੇ ਲਗਾਇਆ ਗਿਆ । ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਆਈਏਐਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਕੁਦਰਤੀ ਸੋਮੇ ਮਿੱਟੀ, ਪਾਣੀ ਅਤੇ ਹਵਾ ਦੀ ਹਿਫਾਜ਼ਤ ਕਰਨ ਲਈ ਹਰ ਵਿਅਕਤੀ ਆਪਣਾ ਫਰਜ਼ ਨਿਭਾਵੇ, ਜੇਕਰ ਅਸੀਂ ਕੁਦਰਤ ਨੂੰ ਪਲੀਤ ਕਰਨਾ ਨਾ ਛੱਡਿਆ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਨੇ ਪੈਣਗੇ। ਉਹਨਾਂ ਕਿਹਾ ਕਿ ਕਿਸਾਨ ਖੇਤੀ ਮਾਹਿਰਾਂ ਵੱਲੋਂ ਦੱਸੇ ਖੇਤੀ ਨੁਕਤੇ ਅਪਣਾ ਕੇ ਵਾਤਾਵਰਨ ਦੇ ਰਖਵਾਲੇ ਬਣਨ। ਉਹਨਾਂ ਇਸ ਮੌਕੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਪਾਣੀ ਬਚਾਉਣ ਲਈ ਇੱਕ ਵਧੀਆ ਉਪਰਾਲਾ ਹੈ, ਇਸ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਚੇਅਰਮੈਨ ਦਿਲਬਾਗ ਸਿੰਘ ਪੀਏ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਜਮੀਨੀ ਪਾਣੀ ਦਾ ਪੱਧਰ ਉੱਚਾ ਹੋਵੇਗਾ। ਇਸ ਮੌਕੇ ਉਨਾਂ ਨੇ ਕਿਹਾ ਕਿ ਮਾਹਿਰਾਂ ਦੀ ਸਲਾਹ ਨਾਲ ਮਿੱਟੀ,ਪਾਣੀ ਪਰਖ ਕਰਾ ਕੇ ਉਸ ਅਨੁਸਾਰ ਖਾਦਾਂ ਦੀ ਵਰਤੋਂ ਕੀਤੀ ਜਾਵੇ। ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਅਤੇ ਕਿਸਾਨੀ ਨਾਲ ਸਬੰਧਤ ਦੂਜੇ ਵਿਭਾਗਾਂ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾ ਕੇ ਵੱਧ ਲਾਹਾ ਲੈਣ ਲਈ ਜਾਗਰੂਕ ਵੀ ਕੀਤਾ ਗਿਆ । ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ ਹਰਪਾਲ ਸਿੰਘ ਪੰਨੂ ਨੇ ਜ਼ਿਲ੍ਹੇ ਦੇ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਫਸਲੀ ਵਿਭਿੰਨਤਾ ਸਕੀਮ ਅਧੀਨ ਸਾਉਣੀ ਦੀ ਮੱਕੀ ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਝੋਨੇ ਹੇਠੋਂ ਰਕਬਾ ਕੱਢ ਕੇ ਹੋਰ ਬਦਲਵੀਆਂ ਫਸਲਾਂ ਜਿਵੇਂ ਕਿ ਮੱਕੀ ਅਤੇ ਬਾਸਮਤੀ ਹੇਠ ਰਕਬਾ ਲਿਆਉਣਾ ਚਾਹੀਦਾ ਹੈ ਇਸ ਨਾਲ ਪਾਣੀ ਦੀ ਵੱਡੀ ਬਚਤ ਹੋਏਗੀ।ਇਸ ਮੌਕੇ ਕੈਂਪ ਵਿੱਚ ਲਗਾਈਆਂ ਵਿਭਾਗੀ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸ ਮੌਕੇ ਵੱਖ ਵੱਖ ਬਲਾਕਾਂ ਦੇ ਖੇਤੀਬਾਡ਼ੀ ਅਫ਼ਸਰ ਡਾ. ਭੁਪਿੰਦਰ ਸਿੰਘ, ਡਾ ਤੇਜਬੀਰ ਸਿੰਘ ਡਾ. ਨਵਤੇਜ ਸਿੰਘ, ਡਾ ਰੁਲਦਾ ਸਿੰਘ, ਡਾ. ਗੁਰਿੰਦਰਜੀਤ ਸਿੰਘ ਅਤੇ ਆਤਮਾ ਤੋਂ ਪੀ.ਡੀ. ਡਾ ਵਿਕਰਮ ਸੂਦ ਅਤੇ ਖੇਤੀਬਾਡ਼ੀ ਵਿਭਾਗ ਦਾ ਹੋਰ ਸਮੂਹ ਸਟਾਫ ਮੌਜੂਦ ਰਿਹਾ। ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਵੱਖ ਵੱਖ ਖੇਤੀ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ