
ਅੰਮ੍ਰਿਤਸਰ, 27 ਜਨਵਰੀ 2025 : 26 ਜਨਵਰੀ ਨੂੰ ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਜਿੱਥੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰ ਰਿਹਾ ਹੋਵੇ ਉਸ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁੱਖਦਾਈ ਹੈ, ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਹਾ ਕਿ 26 ਜਨਵਰੀ ਵਾਲੇ ਦਿਨ ਜਦ ਚੱਪੇ ਚੱਪੇ 'ਤੇ ਪੁਲਿਸ ਤੈਨਾਤ ਹੁੰਦੀ ਹੈ ਅਤੇ ਇੰਟੈਲੀਜੈਂਸ ਏਜੰਸੀਆਂ ਵਿਸ਼ੇਸ ਤੌਰ 'ਤੇ ਸੁਚੇਤ ਹੁੰਦੀਆਂ ਹਨ ਉਦੋਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਰਗੀ ਥਾਂ ਜਿੱਥੋਂ ਦੀ ਲੱਖਾਂ ਸ਼ਰਧਾਲੂ ਰੋਜ਼ਾਨਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੇ ਹਨ। ਉਥੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਤੋੜਭੰਨ ਹੋ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਸਭ ਦੇ ਸਾਹਮਣੇ ਜੱਗ ਜ਼ਾਹਰ ਹੈ। ਰੋਜ਼ਾਨਾ ਪੰਜਾਬ ’ਚ ਬੰਬ ਬਲਾਸਟ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ। ਇਥੋਂ ਤੱਕ ਕਿ ਹੁਣ ਤਾਂ ਬਾਬਾ ਸਾਹਿਬ ਜਿੰਨਾਂ ਦੇ ਸੰਵਿਧਾਨ ਦੀ ਸਹੁੰ ਚੁੱਕ ਕੇ ਭਗਵੰਤ ਮਾਨ ਮੁੱਖ ਮੰਤਰੀ ਬਣਿਆ ਹੈ, ਉਹਨਾਂ ਦਾ ਸ਼ਰੇਆਮ ਇਸ ਪ੍ਰਕਾਰ ਅਪਮਾਨ ਕੀਤਾ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੱਬ ਭਰੋਸੇ ਛੱਡ ਕੇ ਆਪਣੇ ਆਕਾ ਕੇਜਰੀਵਾਲ ਨੂੰ ਖੁਸ਼ ਕਰਨ ਲਈ ਦਿੱਲੀ ’ਚ ਡੇਰੇ ਲਗਾਈ ਬੈਠਾ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਨਕਰ ਹੋ ਕੇ ਸਿਰਫ਼ 'ਤੇ ਸਿਰਫ਼ ਕੇਜਰੀਵਾਲ ਪ੍ਰਤੀ ਆਪਣੀ ਸਮਰਪਣ ਭਾਵਨਾ ਦਾ ਸਬੂਤ ਦੇ ਰਿਹਾ ਹੈ ਜੋਂ ਕਿ ਬੇਹੱਦ ਸ਼ਰਮ ਦੀ ਗੱਲ ਹੈ। ਬਾਜਵਾ ਨੇ ਸਿੱਧੇ ਤੌਰ 'ਤੇ ਇਸ ਵਰਤਾਰੇ ਲਈ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਤੇ ਪੰਜਾਬ ਪੁਲਿਸ 'ਤੇ ਅਸੰਤੁਸਟਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਬਹੁਤ ਡੂੰਘੀ ਸਾਜਿਸ਼ ਹੈ ਜਿਸਦਾ ਪਰਦਾਫਾਸ਼ ਹੋਣਾ ਬਹੁਤ ਜ਼ਰੂਰੀ ਹੈ, ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੀ ਮਾਨਯੋਗ ਹਾਈਕੋਰਟ ਦੇ ਸੀਟਿੰਗ ਜੱਜ ਦੁਆਰਾ ਜਾਂਚ ਹੋਣੀ ਚਾਹੀਦੀ ਹੈ।
https://www.facebook.com/PartapSBajwa/videos/941819434330583