- ਪੰਜਾਬ ਸਰਕਾਰ ਨੌਜੁਆਨਾਂ ’ਤੇ ਪਾਏ ਕੇਸ ਵਾਪਸ ਲਵੇ : ਐਡਵੋਕੇਟ ਧਾਮੀ
ਅੰਮ੍ਰਿਤਸਰ, 5 ਮਈ : ਬੀਤੇ ਦਿਨਾਂ ਅੰਦਰ ਪੰਜਾਬ ਦੇ ਨੌਜੁਆਨਾਂ ਦੀ ਪੁਲਿਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ਉੱਤੇ ਧਰਨੇ ’ਤੇ ਬੈਠੀਆਂ ਸੰਗਤਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜੁਆਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜੁਆਨਾਂ ਦੀ ਰਿਹਾਈ ਕਰਵਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਕੀਤੀ ਗਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧ ਵਿਚ ਪੈਰਵਾਈ ਕਰਨ ਲਈ ਕਿਹਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਰਿਹਾਅ ਹੋਏ ਨੌਜੁਆਨ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਨ ਲਈ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਅਨਿਆਂ ਹੋਣ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਹਾਇਤਾ ਅਤੇ ਸਹਿਯੋਗ ਲਈ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਅੰਦਰ ਡਰ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ ਕਰੇ ਅਤੇ ਬੀਤੇ ਸਮੇਂ ’ਚ ਪੰਜਾਬ ਅੰਦਰ ਨੌਜੁਆਨਾਂ ’ਤੇ ਦਰਜ ਕੀਤੇ ਪਰਚਿਆਂ ਨੂੰ ਰੱਦ ਕਰੇ। ਐਡਵੋਕੇਟ ਧਾਮੀ ਨੇ ਇਸ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ’ਚ ਕਾਨੂੰਨੀ ਪੈਨਲ ਗਠਤ ਕੀਤਾ ਗਿਆ ਸੀ, ਜਦਕਿ ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ’ਚ ਕਮੇਟੀ ਬਣਾਈ ਗਈ ਸੀ। ਦੋਹਾਂ ਵੱਲੋਂ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਸਾਂਝੇ ਤੌਰ ’ਤੇ ਕੀਤੀ ਗਈ ਹੈ, ਜਿਸ ਦੇ ਨਤੀਜੇ ਵੱਜੋਂ ਹਰੀਕੇ ਕੇਸ ਵਿਚ ਗ੍ਰਿਫ਼ਤਾਰ 15 ਨੌਜੁਆਨ ਰਿਹਾਅ ਕਰਵਾਏ ਗਏ ਹਨ। ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੂੰ ਬੀਤੇ ਦਿਨਾਂ ਅੰਦਰ ਹਰ ਨੌਜੁਆਨ ’ਤੇ ਪਾਏ ਕੇਸ ਨੂੰ ਸੰਜੀਦਗੀ ਨਾਲ ਮੁੜ ਵਿਚਾਰਨਾ ਚਾਹੀਦਾ ਹੈ, ਕਿਉਂਕਿ ਸਮਾਂ ਇਹ ਮੰਗ ਕਰਦਾ ਹੈ। ਇਸ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਹਰੀਕੇ ਪੁੱਲ ਵਾਲੇ ਕੇਸ ਵਿਚ ਪੁਲਿਸ ਨੇ 2 ਵੱਖ-ਵੱਖ ਪਰਚੇ ਦਰਜ ਕੀਤੇ ਸਨ, ਜਿਨ੍ਹਾਂ ਵਿਚ 15 ਨੌਜੁਆਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦਰਜ ਕੀਤੇ ਪਰਚਿਆਂ ਵਿਚ ਆਈਪੀਸੀ 307, 353, 186, 332, 341, 283, 431, 188, 148, 149, 120ਬੀ, 427, 201 ਅਤੇ ਨੈਸ਼ਨਲ ਹਾਈਵੇ ਐਕਟ ਦੀ 8ਬੀ ਧਰਾਵਾਂ ਲਗਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਰਿਹਾਅ ਹੋਏ 15 ਵਿੱਚੋਂ 9 ਨੌਜੁਆਨਾਂ ਉੱਪਰ ਦਰਜ ਕੀਤੇ ਕੇਸ ਖਾਰਜ ਹੋਏ ਹਨ, ਜਦਕਿ 6 ਦੀ ਜ਼ਮਾਨਤ ਕਰਵਾਈ ਗਈ ਹੈ। ਇਸ ਮੌਕੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸਤਨਾਮ ਸਿੰਘ ਵਲੀਆਂ ਆਦਿ ਮੌਜੂਦ ਸਨ।