- ਮੈਡੀਕਲ ਕੈਂਪ ਦੌਰਾਨ 122 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ
ਗੁਰਦਾਸਪੁਰ, 26 ਜੁਲਾਈ : ਆਈ.ਸੀ.ਆਈ.ਸੀ. ਬੈਂਕ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤਾ ਗਿਆ। ਮੈਡੀਕਲ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ 122 ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਆਈ.ਸੀ.ਆਈ.ਸੀ. ਬੈਂਕ ਅਤੇ ਸਿਹਤ ਵਿਭਾਗ ਦੇ ਇਸ ਸਾਂਝੇ ਉਪਰਾਲੇ ਦੀ ਸਰਾਹਨਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਆਮ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੌਕੇ `ਤੇ ਹੀ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਹਨ ਜਿਸ ਨਾਲ ਮਰੀਜ਼ਾਂ ਨੂੰ ਰਾਹਤ ਅਤੇ ਅਰਾਮ ਮਿਲੇਗਾ। ਉਨ੍ਹਾਂ ਕਿਹਾ ਕਿ ਆਈ.ਸੀ.ਆਈ.ਸੀ. ਬੈਂਕ ਦੇ ਅਧਿਕਾਰੀ ਤੇ ਉਨ੍ਹਾਂ ਦੀ ਟੀਮ ਇਸ ਮਾਨਵਤਾ ਦੀ ਭਲਾਈ ਵਾਲੇ ਕਾਰਜ ਲਈ ਵਧਾਈ ਦੇ ਪਾਤਰ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਅਤੇ ਪੈਰਾ-ਮੈਡੀਕਲ ਟੀਮ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕਰਨ ਲਈ ਉਤਸ਼ਾਹਤ ਕੀਤਾ ਜਾਂਦਾ ਰਹੇਗਾ। ਇਸ ਮੌਕੇ ਡਾ. ਰੋਮੀ ਰਾਜਾ, ਮੈਡੀਕਲ ਸਪੈਸ਼ਲਿਸਟ ਡਾ. ਸੁਸ਼ੀਲ ਕੁਮਾਰ, ਆਰਥੋ ਸਪੈਸ਼ਲਿਸ਼ਟ ਡਾ. ਦਿਨੇਸ਼, ਡਾ. ਰਵਨੀਤ ਕੌਰ ਅਤੇ ਡਾ. ਸ਼ਾਇਨਾ ਵੀ ਹਾਜ਼ਰ ਸਨ।