- ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿੱਚ ਹੁਨਰਮੰਦ ਬਣਾਉਣ ’ਤੇ ਦਿੱਤਾ ਜਾਵੇਗਾ ਵਿਸ਼ੇਸ਼ ਜ਼ੋਰ
- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਜਾਰੀ ਕੀਤੀ ਜਾਵੇਗੀ ਯੈਲੋ-ਪੇਜ ਡਾਇਰੈਕਟਰੀ
ਗੁਰਦਾਸਪੁਰ, 17 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਿਸ਼ਨ ‘ਆਬਾਦ’ ਤਹਿਤ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਪ੍ਰੋਗਾਰਮ ਦਾ ਰੀਵਿਊ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਲੀਚੀ, ਗੁੜ ਆਦਿ ਨਾਲ ਸਬੰਧਤ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਨਿਵੇਸ਼ਕਾਰਾਂ ਨੂੰ ਉਤਸ਼ਾਹਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਲੀਚੀ ਦੇ ਖੇਤਰ ਵਿੱਚ ਜ਼ਿਲ੍ਹਾ ਗੁਰਦਾਸਪੁਰ ਬਹੁਤ ਵੱਡੀਆਂ ਸੰਭਾਵਨਾਵਾਂ ਤੇ ਸਮਰੱਥਾ ਰੱਖਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਖੇਤਰ ਵਿੱਚ ਤਰਜੀਹੀ ਤੌਰ ’ਤੇ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਦੇ ਨਾਲ ਉਨ੍ਹਾਂ ਨੂੰ ਨੌਂਕਰੀ ਦਿਵਾਉਣ ਵਿੱਚ ਵੀ ਮਾਰਗ-ਦਰਸ਼ਨ ਕੀਤਾ ਜਾਵੇ। ਉਨਾਂ ਐੱਲ.ਡੀ.ਐੱਮ. ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਣਨ ਵਾਲੀ ਆਰ-ਸੇਟੀ (ਰੂਰਲ ਸੈਲਫ ਇੰਪਲਾਇਮੈਂਟ ਟਰੇਨਿੰਗ ਇੰਸਟੀਚਿਊਟ) ਦੇ ਪ੍ਰੋਜੈਕਟ ਨੂੰ ਜਲਦ ਸ਼ੁਰੂ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਜਦੋਂ ਤੱਕ ਆਰ-ਸੇਟੀ ਦੀ ਆਪਣੀ ਇਮਾਰਤ ਬਣ ਕੇ ਤਿਆਰ ਨਹੀਂ ਹੁੰਦੀ ਉਦੋਂ ਤੱਕ ਕਿਸੇ ਕਿਰਾਏ ਦੀ ਇਮਾਰਤ ਵਿੱਚ ਇਸਨੂੰ ਚਲਾਉਣ ਦੀ ਕਾਰਵਾਈ ਅਰੰਭੀ ਜਾਵੇ। ਇਸਦੇ ਨਾਲ ਹੀ ਉਨਾਂ ਸੀ-ਪਾਈਟ ਡੇਰਾ ਬਾਬਾ ਨਾਨਕ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਭਰਤੀਆਂ ਦੇ ਲਿਖਤੀ ਟੈਸਟ ਦੀ ਤਿਆਰੀ ਲਈ ਸੁਪਰ-30 ਬੈਚ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਇੰਸਟੀਚਿਊਟ ਆਫ ਮਸ਼ੀਨ ਟੂਲਜ਼ ਟੈਕਨੋਲੌਜੀ ਬਟਾਲਾ ਅਤੇ ਬਹੁਤਕਨੀਕੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀਆਂ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਵੱਖ-ਵੱਖ ਕਿੱਤਾਮੁੱਖੀ ਕੋਰਸਾਂ ਦੀ ਜਾਣਕਾਰੀ ਨੌਜਵਾਨਾਂ ਨਾਲ ਸਾਂਝੀ ਕਰਨ ਅਤੇ ਉਨ੍ਹਾਂ ਨੂੰ ਇਹ ਕਿੱਤਾਮੁੱਖੀ ਕੋਰਸ ਕਰਨ ਲਈ ਪ੍ਰੇਰਤ ਕਰਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨਾਲ ਸਬੰਧਤ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲੇ ਦੀ ਇੱਕ ਯੈਲੋ ਪੇਜ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ ਸਾਰੇ ਖੇਤਰਾਂ ਨਾਲ ਸਬੰਧਤ ਸਿੱਖਿਅਤ ਕਾਮਿਆਂ/ ਸਰਵਿਸ ਪ੍ਰੋਵਾਈਡਰਾਂ ਦੇ ਨੰਬਰ ਦਰਜ ਕੀਤੇ ਗਏ ਹਨ ਤਾਂ ਜੋ ਲੋੜ ਪੈਣ ’ਤੇ ਲੋਕ ਉਨਾਂ ਦੀ ਪੇਡ ਸੇਵਾਵਾਂ ਲੈ ਸਕਣ ਜਿਸ ਨਾਲ ਕਾਮਿਆਂ ਨੂੰ ਕੰਮ ਮਿਲਣ ਦੇ ਨਾਲ ਉਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਯੈਲੋ ਪੇਜ ਡਾਇਰੈਕਟਰੀ ਨੂੰ ਜਾਰੀ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਅਬਾਦ ਹੁਨਰ ਹੱਟ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਿ੍ਰਪਾਲ ਸਿੰਘ ਢਿਲੋਂ, ਜ਼ਿਲ੍ਹਾ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਸੁਖਵਿੰਦਰ ਸਿੰਘ, ਚਾਂਦ ਠਾਕੁਰ, ਐੱਲ.ਡੀ.ਐੱਮ. ਸ੍ਰੀ ਕੇਵਲ ਕਲਸੀ, ਡਿਪਟੀ ਡੀ.ਈ.ਓ. ਸ. ਲਖਵਿੰਦਰ ਸਿੰਘ, ਪੰਚਾਇਤ ਵਿਭਾਗ ਤੋਂ ਅੰਮ੍ਰਿਤਪਾਲ ਸਿੰਘ, ਰੁਜ਼ਗਾਰ ਦਫ਼ਤਰ ਤੋਂ ਗਗਨ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।