- ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਹਾਈ ਕੋਰਟ ’ਚ ਪਾਈ ਗਈ ਸੀ ਪਟੀਸ਼ਨ
ਅੰਮ੍ਰਿਤਸਰ, 5 ਫ਼ਰਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ 2024 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮਾਨਯੋਗ ਉੱਚ ਅਦਾਲਤ ਵਿੱਚ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪਟੀਸ਼ਨ ਸੀਨੀਅਰ ਐਡਵੋਕਟ ਸ. ਪੂਰਨ ਸਿੰਘ ਹੁੰਦਲ ਰਾਹੀਂ ਦਾਇਰ ਕੀਤੀ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਕਾਨੂੰਨੀ ਵਿੰਗ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਸਾਬਕਾ ਆਈਪੀਐੱਸ ਬੀਪੀ ਤਿਵਾੜੀ ਦੀ ਰਿਪੋਰਟ ਸਾਹਮਣੇ ਆਉਣ ਮਗਰੋਂ ਮਾਨਯੋਗ ਉੱਚ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਅੱਜ ਅਹਿਮ ਸੁਣਵਾਈ ਹੋਈ ਹੈ, ਜਿਸ ਤਹਿਤ ਪੰਜਾਬ ਸਰਕਾਰ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਤਕਾਲੀ ਪੁਲਿਸ ਅਫ਼ਸਰਾਂ ਵੱਲੋਂ ਮਾਨਯੋਗ ਉੱਚ ਅਦਾਲਤ ਅੰਦਰ ਉਸ ਸਮੇਂ ਗਲਤ ਹਲਫਨਾਮੇ ਦਾਇਰ ਕਰਕੇ ਇਹ ਕਿਹਾ ਗਿਆ ਸੀ ਕਿ ਜਥੇਦਾਰ ਕਾਉਂਕੇ ਪੁਲਿਸ ਹਿਰਾਸਤ ਵਿੱਚ ਨਹੀਂ ਹਨ। ਇਸ ਨੂੰ ਚੁਣੌਤੀ ਦਿੰਦਿਆਂ ਜਥੇਦਾਰ ਕਾਉਂਕੇ ਦੇ ਪਰਿਵਾਰ ਰਾਹੀਂ ਪਾਈ ਪਟੀਸ਼ਨ ’ਤੇ ਉੱਚ ਅਦਾਲਤ ਨੇ ਮਾਮਲੇ ’ਤੇ ਸੁਣਵਾਈ ਸ਼ੁਰੂ ਕਰਦਿਆਂ ਨੋਟਿਸ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਪ੍ਰੈਲ 2024 ਨਿਰਧਾਰਿਤ ਕੀਤੀ ਗਈ ਹੈ। ਐਡਵੋਕੇਟ ਸਿਆਲਕਾ ਨੇ ਦੱਸਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਨੂੰਨੀ ਮਾਹਰਾਂ ਦੀ 5-ਮੈਂਬਰੀ ਕਮੇਟੀ ਬਣਾ ਕੇ ਪੈਰਵਾਈ ਦੀ ਜੁੰਮੇਵਾਰੀ ਸੌਂਪੀ ਸੀ, ਜਿਸ ਤਹਿਤ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ।