
ਬਟਾਲਾ, 12 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖ਼ੁਰਾਕ, ਸਿਵਲ ਸਪਲਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਯਕੀਨ ਦਿਵਾਇਆ ਕਿ ਉਨਾਂ ਵਲੋਂ ਜੋ ਵੀ ਮੁੱਦੇ ਉਨਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ, ਉਨਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਕਣਕ ਦੇ ਖਰੀਦ ਸੀਜ਼ਨ 2025-26 ਨੂੰ ਸਫਲ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਸੂਬੇ ਵਿੱਚ ਕਰੀਬ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਪਰ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ 1864 ਨਿਯਮਿਤ ਖਰੀਦ ਕੇਂਦਰ ਖੋਲ੍ਹੇ ਗਏ ਹਨ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।