- ਕਮਿਸ਼ਨ ਦੀ ਮੈਂਬਰ ਪ੍ਰੀਤੀ ਭਾਰਦਵਾਜ ਦਲਾਲ ਨੇ ਵੱਖ-ਵੱਖ ਖੇਤਰਾਂ ਤੋਂ ਆਈਆਂ ਅਰਜ਼ੀਆਂ ਦੀ ਕੀਤੀ ਸੁਣਵਾਈ
- ਕਿਹਾ, ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ
ਗੁਰਦਾਸਪੁਰ, 8 ਅਗਸਤ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਾਜ ਦਲਾਲ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ੍ਹ ਵਚਨਬੱਧ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ 0-18 ਸਾਲ ਉਮਰ ਤੱਕ ਦੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਬੈਂਚ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਬਾਲ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਮੀਖਿਆ ਕਰਦਿਆਂ ਸੁਣਵਾਈ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਉੱਥੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਅਧਿਕਾਰਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਮੌਕੇ ਤੇ ਹੀ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਾਜ ਦਲਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਮਿਸ਼ਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਜ਼ਿਲ੍ਹੇ ਭਰ ਚੋਂ ਵੱਡੀ ਗਿਣਤੀ ਵੀ ਬੱਚੇ ਆਪਣੇ ਮਾਪਿਆਂ ਨਾਲ ਪਹੁੰਚੇ ਹੋਏ ਸਨ। ਜਿੱਥੇ ਕਮਿਸ਼ਨ ਨੇ ਮੌਕੇ ਤੇ ਹੀ ਇਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਅਤੇ ਹਦਾਇਤ ਕੀਤੀ ਕਿ ਬਿਨੈਕਾਰਾਂ ਦੇ ਮਾਮਲਿਆਂ ਦਾ ਢੁਕਵਾਂ ਨਿਪਟਾਰਾ ਕੀਤਾ ਜਾਵੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਕਾਰਵਾਈ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ।