ਅੰਮਿ੍ਤਸਰ, 17 ਮਈ : ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਆਪਣੇ ਹਲਕੇ ਦੇ ਪਿੰਡ ਗਦਲੀ ਵਿਖੇ ਵੱਖ ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਰਹੇ ਪਿੰਡਾਂ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਤਹਿਤ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰ ਕੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਰਾਸ਼ੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ, ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਪਿੰਡਾਂ ਵਿੱਚ ਸਾਫ਼ ਸਫ਼ਾਈ ਯਕੀਨੀ ਬਣਾਉਣ ਲਈ ਦਿੱਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਬੁਨਿਆਦੀ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਲੋੜੀਂਦੀ ਗ੍ਰਾਂਟ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਪਰ ਇਹ ਜਰੂਰੀ ਹੈ ਕਿ ਕਰੋੜਾਂ ਰੁਪਏ ਦੀਆਂ ਵੰਡੀਆਂ ਜਾ ਰਹੀਆਂ ਗ੍ਰਾਂਟਾਂ ਦੀ ਜ਼ਮੀਨੀ ਪੱਧਰ ਉੱਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਵੱਲੋਂ ਇੱਕ ਰੁਪਏ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ ਅਤੇ ਇਸਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਗ੍ਰਾਂਟਾਂ ਦੇ ਪੈਸੇ ਵਿੱਚੋਂ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਸਰਪੰਚ ਜਗਰੂਪ ਸਿੰਘ ਗਦਲੀ, ਸ ਅੰਮਿ੍ਤਪਾਲ ਸਿੰਘ ਗਦਲੀ, ਡੀ ਐਸ ਪੀ ਸ੍ਰੀ ਕੁਲਦੀਪ ਸਿੰਘ ਅਤੇ ਕਈ ਮੋਹਤਬਰ ਹਾਜ਼ਰ ਸਨ।