
ਅੰਮ੍ਰਿਤਸਰ, 14 ਮਈ 2025 : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ 3 ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 23 ਤੱਕ ਪਹੁੰਚ ਗਈ ਹੈ। ਬੀਤੀ ਰਾਤ ਇਲਾਜ ਦੌਰਾਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 10 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਵਿਚ ਪਿੰਡ ਭੰਗਾਲੀ ਦੇ ਮਰੜੀ ਕਲਾਂ ਤੇ ਥਰੀਏਵਾਲ ਦੇ ਨੌਜਵਾਨ ਸ਼ਾਮਲ ਹਨ। ਦੱਸ ਦਈਏ ਕਿ ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਸਿਰਫ਼ ਹਾਦਸਾ ਨਹੀਂ ਹੈ, ਸਗੋਂ ਕਤਲ ਹੈ, ਜੋ ਕੁਝ ਵਿਅਕਤੀਆਂ ਦੇ ਲਾਲਚ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸਪੱਸ਼ਟ ਕਤਲ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ 17 ਕੀਮਤੀ ਜਾਨਾਂ ਚਲੀਆਂ ਗਈਆਂ ਹਨ ਅਤੇ ਇਸ ਲਈ ਜ਼ਿੰਮੇਵਾਰ ਲੋਕ ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਨੇ ਇਹ ਅਪਰਾਧ ਸੋਚ-ਸਮਝ ਕੇ ਕੀਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਅਪਰਾਧ ਸ਼ਕਤੀਸ਼ਾਲੀ ਸਿਆਸਤਦਾਨਾਂ ਦੀ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ ਅਤੇ ਪੁਲਿਸ ਵੱਲੋਂ ਇਸ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਪੁਲਿਸ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਗਠਜੋੜ ਦੇ ਸੰਪਰਕ ਸੂਤਰਾਂ ਦੀ ਵੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਇਕ ਗੱਲ ਸਪੱਸ਼ਟ ਤੌਰ `ਤੇ ਦੱਸਣਾ ਚਾਹੁੰਦਾ ਹਾਂ, ਮੇਰੀ ਸਰਕਾਰ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਬੇਸਹਾਰਾ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜ੍ਹ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਕਲੀ ਸ਼ਰਾਬ ਦੀ ਵਿਕਰੀ ਅਤੇ ਸਪਲਾਈ ਰੋਕਣ ਵਿੱਚ ਲਾਪਰਵਾਹੀ ਵਰਤਣ ਲਈ ਪਹਿਲਾਂ ਹੀ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿਚ ਡੀ.ਐਸ.ਪੀ., ਐਸ.ਐਚ.ਓ. ਅਤੇ ਆਬਕਾਰੀ ਵਿਭਾਗ ਦੇ ਦੋ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਗੱਠਜੋੜ ਬਹੁਤ ਮਜ਼ਬੂਤ ਹੈ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਖੁੱਲ੍ਹੀ ਸਰਪ੍ਰਸਤੀ ਕਾਰਨ ਇਸ ਨੇ ਆਪਣੇ ਪੈਰ ਮਜ਼ਬੂਤ ਕੀਤੇ ਹਨ ਪਰ ਇਸ ਸ਼ਰਾਬ ਮਾਫੀਆ ਨੂੰ ਸੂਬੇ ਵਿੱਚੋਂ ਖ਼ਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕੋਈ ਵੀ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ, ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।