- ਪੀੜਤ ਲੜਕੀ ਨੇ ਪੁਲਿਸ ਉਪਰ ਤਸੀਹੇ ਤੇ ਮੇਰੇ ਕਪੜੇ ਲਾਹ ਕੇ ਕਰੰਟ ਲਗਾਉਣ ਦੇ ਲਾਏ ਦੋਸ਼
ਗੁਰਦਾਸਪੁਰ, 05 ਜੁਲਾਈ : ਗੁਰਦਾਸਪੁਰ 'ਚ ਇੱਕ ਨਿਆਇਕ ਅਧਿਕਾਰੀ ਦੇ ਘਰੋਂ 22 ਤੋਲੇ ਸੋਨੇ ਦੇ ਗਹਿਣੇ ਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਆਪਣੀ ਭਰੋਸੇਯੋਗਤਾ ਬਚਾਉਣ ਲਈ ਉਕਤ ਅਧਿਕਾਰੀ ਦੇ ਘਰ ਕੰਮ ਕਰਨ ਵਾਲੀ 23 ਸਾਲਾ ਲੜਕੀ ਨੂੰ ਸ਼ੱਕ ਦੇ ਆਧਾਰ ’ਤੇ ਹੀ ਚੁੱਕ ਲਿਆ। ਲੜਕੀ ਨੇ ਦੋਸ਼ ਲਾਇਆ ਕਿ ਥਾਣਾ ਇੰਚਾਰਜ ਤੇ ਉਸ ਦੇ ਸਾਥੀਆਂ ਨੇ ਉਸ ਨੂੰ ਦੋ ਦਿਨ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕੁਆਰਟਰਾਂ ਵਿੱਚ ਰੱਖ ਕੇ ਉਸ ਉਪਰ ਅਣਮਨੁੱਖੀ ਤਸ਼ੱਦਦ ਕੀਤਾ ਹੈ। ਇਸ ਤੋਂ ਬਾਅਦ ਇੱਕ ਕਿਸਾਨ ਜਥੇਬੰਦੀਆਂ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਅਤੇ ਮੰਗ ਕੀਤੀ ਕਿ ਲੜਕੀ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਸਿਵਲ ਹਸਪਤਾਲ ਵਿੱਚ ਦਾਖ਼ਲ ਪੀੜਤ ਲੜਕੀ ਨੇ ਦੱਸਿਆ ਕਿ ਉਹ ਉਕਤ ਨਿਆਇਕ ਅਧਿਕਾਰੀ ਦੇ ਘਰ ਸਫ਼ਾਈ ਦਾ ਕੰਮ ਕਰਦੀ ਹੈ। ਅਧਿਕਾਰੀ ਦੇ ਘਰ 'ਚ ਚੋਰੀ ਹੋਣ ਦੇ ਸ਼ੱਕ 'ਚ ਥਾਣਾ ਸਿਟੀ ਪੁਲਿਸ ਨੇ ਸ਼ਨਿੱਚਵਾਰ ਸਵੇਰੇ 11 ਵਜੇ ਉਸ ਨੂੰ ਘਰੋਂ ਚੁੱਕ ਲਿਆ। ਪੁਲਿਸ ਨੇ ਉਸ ਦੇ ਘਰ ਦੀ ਵੀ ਚੰਗੀ ਤਰ੍ਹਾਂ ਤਲਾਸ਼ੀ ਲਈ ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਉਸ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਥਾਣਾ ਸਿਟੀ ਦੇ ਐੱਸਐੱਚਓ ਅਤੇ ਤਿੰਨ ਹੋਰ ਪੁਲਿਸ ਕਰਮੀ ਉਸ ਨੂੰ ਚੁੱਕ ਕੇ ਪੁਲਿਸ ਕੁਆਰਟਰ ਵਿੱਚ ਲੈ ਗਏ। ਉੱਥੇ ਉਸ ਨੂੰ ਅਣਮਨੁੱਖੀ ਤਸੀਹੇ ਦਿੱਤੇ ਗਏ। ਉਸ ਨੇ ਦੋਸ਼ ਲਾਇਆ ਕਿ ਉਸਦੀ ਛਾਤੀ ਉਤੇ ਕਰੰਟ ਲਗਾਇਆ ਗਿਆ। ਉਸ ਨੂੰ ਦੋ ਦਿਨ ਸਰਕਾਰੀ ਕੁਆਰਟਰਾਂ ਵਿੱਚ ਰੱਖ ਕੇ ਤਸ਼ੱਦਦ ਕੀਤਾ ਗਿਆ ਅਤੇ ਐਤਵਾਰ ਰਾਤ ਕਰੀਬ 11 ਵਜੇ ਉਨ੍ਹਾਂ ਦੇ ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੂੰ ਫੋਨ ਕਰਕੇ ਘਰ ਭੇਜ ਦਿੱਤਾ ਗਿਆ। ਸੋਮਵਾਰ ਨੂੰ ਇਹ ਮਾਮਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਧਿਆਨ ਵਿੱਚ ਆਇਆ। ਕਮੇਟੀ ਦੇ ਅਧਿਕਾਰੀ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਸ ਨੂੰ ਇਨਸਾਫ਼ ਦਿੱਤਾ ਜਾਵੇ। ਜਾਣਕਾਰੀ ਦਿੰਦਿਆਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਕਤ ਲੜਕੀ ਨੂੰ ਪੁਲਿਸ ਵੱਲੋਂ ਦੋ ਦਿਨ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਤਸ਼ੱਦਦ ਕੀਤਾ ਗਿਆ ਸੀ। ਕੁੱਟਮਾਰ ਦੌਰਾਨ ਕੋਈ ਵੀ ਮਹਿਲਾ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਸੀ। ਅਜਿਹੇ ਪੁਲਿਸ ਅਧਿਕਾਰੀਆਂ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ। ਜੇਕਰ ਪੁਲਿਸ ਨੂੰ ਕੋਈ ਸ਼ੱਕ ਹੁੰਦਾ ਤਾਂ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਜਾਂਦਾ ਅਤੇ ਉਸਨੂੰ ਰਿਮਾਂਡ ''ਤੇ ਲੈ ਕੇ ਕਾਨੂੰਨੀ ਤਰੀਕੇ ਨਾਲ ਪੁੱਛਗਿੱਛ ਕੀਤੀ ਜਾਂਦੀ। ਕਾਨੂੰਨ ਮੁਤਾਬਕ ਪੰਜ ਵਜੇ ਤੋਂ ਬਾਅਦ ਕਿਸੇ ਵੀ ਔਰਤ ਨੂੰ ਥਾਣੇ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਸਟੇਸ਼ਨ ਇੰਚਾਰਜ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਸਰਕਾਰੀ ਹਸਪਤਾਲ ਵਿਖੇ ਲੜਕੀ ਦਾ ਇਲਾਜ ਕਰ ਰਹੇ ਡਾਕਟਰ ਰਾਜ ਮਸੀਹ ਨੇ ਦੱਸਿਆ ਕਿ ਲੜਕੀ ਨੇ ਦੋਸ਼ ਲਾਇਆ ਹੈ ਕਿ ਪੁਲਿਸ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਉਸ ਦੇ ਸਰੀਰ 'ਤੇ ਗੰਭੀਰ ਸੱਟਾਂ ਦੇ ਸੱਤ ਨਿਸ਼ਾਨ ਹਨ। ਲੜਕੀ ਦੀਆਂ ਅੱਖਾਂ, ਮੂੰਹ, ਪੱਟਾਂ, ਪਿੱਠ ਆਦਿ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਫਿਲਹਾਲ ਲੜਕੀ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀਐੱਸਪੀ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਲੜਕੀ ਤੋਂ ਸਿਰਫ਼ ਪੁੱਛਗਿੱਛ ਕੀਤੀ ਗਈ ਹੈ। ਫਿਲਹਾਲ ਉਸ ਨਾਲ ਕੁੱਟਮਾਰ ਦਾ ਕੋਈ ਸਬੂਤ ਨਹੀਂ ਹੈ। ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ