ਅੰਮ੍ਰਿਤਸਰ, 29 ਮਾਰਚ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਆਤਮ ਸਮਰਪਣ ਕਰ ਸਕਦੇ ਹਨ। ਸੂਤਰਾਂ ਮੁਤਾਬਕ ਉਹ ਉੱਤਰਾਖੰਡ ਤੋਂ ਵਾਪਸ ਪੰਜਾਬ ਪਰਤ ਆਏ ਹਨ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਨੇਪਾਲ ਜ਼ਰੀਏ ਵਿਦੇਸ਼ ਜਾਣ ਦੀ ਤਿਆਰੀ ਸੀ, ਪਰ ਭਾਰਤ ਸਰਕਾਰ ਦੀ ਸਖਤੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਤਮ ਸਮਰਪਣ ਕਰਨ ਦੀ ਸਲਾਹ ਦੇਣ ਮਗਰੋਂ ਉਹ ਅੰਮ੍ਰਿਤਸਰ ਵਿੱਚ ਸਿਰੰਡਰ ਕਰਨ ਦੀ ਪਲਾਨਿੰਗ ਕਰ ਰਹੇ ਹਨ। ਇਸ ਨੂੰ ਵੇਖਦਿਆਂ ਪੰਜਾਬ ਵਿੱਚ ਪੁਲਿਸ ਦੀਆਂ ਸਰਗਰਮੀਆਂ ਅਚਾਨਕ ਵਧ ਗਈਆਂ ਹਨ। ਇਹ ਵੀ ਚਰਚਾ ਹੈ ਕਿ ਕਿ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਪੁਲਿਸ ਅੱਗੇ ਕੁਝ ਸ਼ਰਤਾਂ ਰੱਖੀਆਂ ਹਨ। ਦੂਜੇ ਪਾਸੇ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਅੜੀ ਹੋਈ ਹੈ। ਇਹ ਵੀ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮੀਡੀਆ ਨਾਲ ਗੱਲਬਾਤ ਕਰ ਸਕਦੇ ਹਨ। ਇਸ ਦੌਰਾਨ ਜਥੇਦਾਰ ਅੰਮ੍ਰਿਤਪਾਲ ਸਿੰਘ ਬਾਰੇ ਪੱਖ ਸਪਸ਼ਟ ਕਰ ਸਕਦੇ ਹਨ। ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਚਰਚਾ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੀਡੀਆ ਸਾਹਮਣੇ ਪੁਲਿਸ ਕੋਲ ਆਤਮ ਸਮਰਪਣ ਕਰ ਸਕਦਾ ਹੈ। ਦਰਅਸਲ ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਹਰਿਮੰਦਰ ਸਾਹਿਬ ਵਿੱਚ ਮੀਡੀਆ ਸਾਹਮਣੇ ਆਤਮ ਸਮਰਪਣ ਕਰਨ ਦੀ ਤਿਆਰੀ ਕਰ ਰਿਹਾ ਹੈ। ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਦਰਬਾਰ ਸਾਹਿਬ 'ਚ ਦਾਖਲ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣ ਦੀ ਕੋਸ਼ਿਸ਼ ਕਰ ਸਕਦਾ ਹੈ ਤੇ ਫਿਰ ਮੀਡੀਆ ਦੀ ਮੌਜੂਦਗੀ 'ਚ ਜਨਤਕ ਤੌਰ 'ਤੇ ਆਤਮ ਸਮਰਪਣ ਕਰਨ ਦਾ ਇਰਾਦਾ ਰੱਖਦਾ ਹੈ। ਸੂਤਰਾਂ ਮੁਤਾਬਕ ਇਸ ਇਨਪੁਟ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਤੋਂ ਇਲਾਵਾ ਜਾਂਚ ਏਜੰਸੀਆਂ ਵੀ ਹਾਈ ਅਲਰਟ 'ਤੇ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਬੀਤੀ ਰਾਤ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਜਾਰੀ ਹੈ।