- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਸੋਹਲ, ਕਲਿਆਣਪੁਰ ਅਤੇ ਅਖਲਾਸ਼ਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਗੁਰਦਾਸਪੁਰ, 19 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਸੋਹਲ, ਕਲਿਆਣਪੁਰ ਅਤੇ ਅਖਲਾਸ਼ਪੁਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਹਾਈ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਜਿਸ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਮੌਕੇ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਚੇਅਰਮੈਨ ਸ. ਸੇਖਵਾਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ `ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ `ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।