ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇਕ ਨਿਮਾਣੇ ਸਿੱਖ ਵਜੋਂ ਹਮੇਸ਼ਾਂਂ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਹਾਂਗਾ। ਗੌਰਤਲਬ ਹੈ ਕਿ ਬੀਤੇ ਦਿਨੀਂ ਰਾਜਾ ਵੜਿੰਗ ’ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉਤੇ ਟਿੱਪਣੀ ਕਰਨ ਦੇ ਇਲਜ਼ਾਮ ਲੱਗੇ ਸਨ। ਹੁਣ ਲਿਖਤੀ ਰੂਪ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਸਪੱਸ਼ਟੀਕਰਨ ਪਹੁੰਚਾਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲਿਖਤੀ ਸਪੱਸ਼ਟੀਕਰਨ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ। ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਲਿਖਤ ਵਿੱਚ ਮੁਆਫੀ ਮੰਗੀ ਹੈ। ਪੱਤਰ ਵਿਚ ਵੜਿੰਗ ਨੇ ਲਿਖਿਆ, ‘ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇਕ ਨਿਮਾਣੇ ਸਿੱਖ ਵਜੋਂ ਹਮੇਸ਼ਾਂਂ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਹਾਂਗਾ। ਆਪ ਜੀ ਜਿਸ ਅਸਥਾਨ ਉੱਤੇ ਬਿਰਾਜਮਾਨ ਹੋ, ਮੈਂ ਉਸ ਬਾਰੇ ਕਦੇ ਵੀ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਸਿੱਖ ਮਰਿਆਦਾ ਵਿਚ ਰਹਿਣ ਵਾਲਾ ਸਿੱਖਾ ਹਾਂ ਤੇ ਮੇਰੇ ਵੱਲੋਂ ਪਿਛਲੇ ਦਿਨੀਂ ਕੀਤੀਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸੰਬੰਧੀ ਸਨ। ਫਿਰ ਵੀ ਜੇਕਰ ਅਣਜਾਣੇ ਵਿਚ ਮੈਥੋਂ ਜੋ ਇਸ ਮਹਾਨ ਸੰਸਥਾ ਦੀ ਸ਼ਾਨ ਤੇ ਅਜ਼ਮਤ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਜੀ ਪਾਸੋਂ ਮਾਫ਼ੀ ਦਾ ਤਲਬਗਾਰ ਹਾਂ।’