ਅੰਮ੍ਰਿਤਸਰ, 13 ਮਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਅੱਜ ਸ਼ੁਰੂਆਤ ਕੀਤੀ ਗਈ। ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਅੱਜ ਇਸ ਦਾ ਨੀਂਹ ਪੱਥਰ ਰੱਖਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਿੰਘ ਸਾਹਿਬਾਨ ਦੀ ਰਿਹਾਇਸ਼ ਲਈ ਬਣਾਈ ਜਾ ਰਹੀ ਇਹ ਰਿਹਾਇਸ਼ੀ ਇਮਾਰਤ ਵਿਚ 9 ਫਲੈਟ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇਮਾਰਤ ਬਣਨ ਨਾਲ ਸਿੰਘ ਸਾਹਿਬਾਨ ਦੀਆਂ ਪਹਿਲੀਆਂ ਰਿਹਾਇਸ਼ਾਂ ਦੀ ਜਗ੍ਹਾ ਖਾਲੀ ਹੋ ਜਾਵੇਗੀ, ਜਿਸ ਨੂੰ ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਕੇਂਦਰੀ ਸਿੱਖ ਅਜਾਇਬ ਘਰ ਦੇ ਵਿਸਥਾਰ ਲਈ ਵਰਤਿਆ ਜਾਵੇਗਾ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਲਵਿੰਦਰ ਸਿੰਘ ਵੇਈਂਪੂਈਂ, ਭਾਈ ਮਨਜੀਤ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਪਰਮਜੀਤ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਮਹੰਤ ਰੇਸ਼ਮ ਸਿੰਘ, ਮਹੰਤ ਜਗਤਾਰ ਸਿੰਘ, ਮਹੰਤ ਹਾਕਮ ਸਿੰਘ ਗੰਡਾਸਿੰਘ ਵਾਲਾ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਐਸਡੀਓ ਸ. ਜਤਿੰਦਰਪਾਲ ਸਿੰਘ, ਸ. ਸੁਖਵਿੰਦਰ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।