ਡੇਰਾ ਬਾਬਾ ਨਾਨਕ, 27 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਤਹਿਸੀਲ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿਖੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਅਧਿਕਾਰੀਆਂ ਵੱਲੋਂ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨਾਂ ਦੇਰੀ ਅਤੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਪਿੰਡ ਕੋਟਲੀ ਸੂਰਤ ਮੱਲੀ ਵਿਖੇ ‘ਜਨ ਸੁਣਵਾਈ ਕੈਂਪ’ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਸਮਾਂਬੱਧ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ/ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਪੈਰਵੀ ਵੀ ਕੀਤੀ ਜਾਵੇਗੀ। ਇਸ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।