- ਵਿਦਿਆਰਥੀਆਂ ਨੂੰ ਆਪਣੇ ਘਰ, ਰਿਸ਼ਤੇਦਾਰਾਂ ਤੇ ਆਲੇ-ਦੁਆਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ
ਬਟਾਲਾ, 23 ਅਕਤੂਬਰ : ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ‘ਆਬਾਦ ਸਿੱਖਿਆ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖੂਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਮਨਜੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕੌਸਲਰ-ਕਮ-ਨੋਡਲ ਅਫਸਰ, ਆਰੂਸ਼ੀ ਮਹਾਜਨ ਲਾਈਫ ਮੈਂਬਰ ਜ਼ਿਲਾ ਚਾਈਲਡ ਵੈਲਫੇਅਰ ਕੌਂਸਲ, ਸਕੂਲ ਸਟਾਫ ਅਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਸਕੂਲ ਦੇ 796 ਵਿਦਿਆਰਥੀ ਤੇ ਸਕੂਲ ਦੇ 33 ਸਟਾਫ ਮੈਂਬਰ ਮੋਜੂਦ ਸਨ। ਇਸ ਮੌਕੇ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਪਿ੍ਰੰਸੀਪਲ ਮਨਜੀਤ ਸਿੰਘ ਸੰਧੂ ਤੇ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ ਭਰ ਅੰਦਰ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜ਼ਿਲੇ ਦੇ ਵੱਖ-ਵੱਖ ਸਕੂਲਾਂ ਅੰਦਰ ਅਜਿਹੇ ਜਾਗਰੂਕਾ ਕੈਂਪ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਜਾਗਰੂਕ ਹੋਣਾ ਸਮੇਂ ਦੀ ਬਹੁਤ ਲੋੜ ਹੈ ਅਤੇ ਇਸਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦਿਆਂ ਹੋਇਆਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ, ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨਾਂ ਵਿਦਿਆਰਥੀਆਂ ਨੂੰ ਆਪਣੇ ਘਰ, ਰਿਸ਼ਤੇਦਾਰਾਂ ਤੇ ਆਲੇ-ਦੁਆਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਪਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।