- ਵਿਸ਼ੇਸ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕਰਨਾ
ਸ਼੍ਰੀ ਹਰਗੋਬਿੰਦਪੁਰ ਸਾਹਿਬ, 11 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ ਕਮ-ਕਮਿਸ਼ਨਰ ਨਗਰ ਨਿਗਮ,ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਮਚਰਾਏ ਪੱਤੀ ਮਿਠਾਪੁਰ ਪੰਚਾਇਤ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਸੁਖਜੀਤ ਕੌਰ ਬੀ.ਡੀ.ਪੀ.ਓ.ਸ਼੍ਰੀ ਹਰਗੋਬਿੰਦਪੁਰ ਸਾਹਿਬ ਸਮੇਤ ਹਰਵਿੰਦਰ ਸਿੰਘ ਪੰਚਾਇਤ ਵਿਭਾਗ, ਜੋਬਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਨਵਪ੍ਰੀਤ ਸਿੰਘ, ਬਿਕਰਮਜੀਤ ਸਿੰਘ ਫੂਡ ਸਪਲਾਈ, ਜਗਦੀਪ ਸਿੰਘ ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਵਿਸ਼ੇਸ ਕੈਂਪ ਵਿੱਚ ਸ਼੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਦੇ ਨਾਲ ਪਿੰਡ ਮਚਰਾਏ, ਮਚਰਾਏ ਪੱਤੀ, ਮਿੱਠਾਪੁਰ, ਗਾਲੋਵਾਲ, ਕਾਂਗੜਾ, ਸਮਰਾਏ, ਨੂਰਪੁਰ ਦੇ ਵਸਨੀਕਾਂ ਨੇ ਭਾਗ ਲਿਆ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ। ਡਾ. ਸ਼ਾਇਰੀ ਭੰਡਾਰੀ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ ਵਾਰਡਾਂ ਵਿੱਚ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਇਨਾਂ ਵਿਸ਼ੇਸ ਕੈਂਪਾਂ ਦਾ ਮੁੱਖ ਮਕਸਦ ਇਹੀ ਹੈ ਕਿ ਲੋਕ ਆਪਣੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕਰ ਸਕਣ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਮੌਕੇ ’ਤੇ ਹੀ ਬਿਨੈਕਾਰਾਂ ਕੋਲੋਂ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ‘ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਲੱਗੇ ਵਿਸ਼ੇਸ ਕੈਂਪਾਂ ਵਿੱਚ ਸ਼ਿਰਕਤ ਕਰਨ ਅਤੇ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਉਠਾਉਣ।