ਗੁਰਦਾਸਪੁਰ, 7 ਅਗਸਤ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਭਾਰਤ ਸਰਕਾਰ ਦੇ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਐਕਟ, 2007 ਦੁਆਰਾ ਸਥਾਪਿਤ ਕੀਤੀ ਗਈ ਹੈ। ਇਸ ਕਮਿਸ਼ਨ ਦਾ ਮੁੱਖ ਉਦੇਸ਼ ਬੱਚਿਆਂ ਦੇ ਅਧਿਕਾਰ ਜੋ ਕਿ ਭਾਰਤ ਦੇ ਸੰਵਿਧਾਨ ਵਿੱਚ ਤੇ ਕਾਨੂੰਨ/ਐਕਟ ਵਿੱਚ ਨਿਰਧਾਰਿਤ ਹਨ, ਦੀ ਰੱਖਿਆ ਕਰਨਾ ਹੈ। ਇਸ ਕਮਿਸ਼ਨ ਦੀ ਟੀਮ ਗੁਰਦਾਸਪੁਰ ਜ਼ਿਲ੍ਹੇ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਦਾ ਨਿਵਾਰਨ ਕਰਨ ਆ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ 8 ਅਗਸਤ 2024 ਨੂੰ ਪੰਚਾਇਤ ਭਵਨ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ 0-18 ਸਾਲ ਦੇ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਬਾਲ ਮਜ਼ਦੂਰੀ, ਬਾਲ ਭੀਖਸ਼ਾ, ਸਰੀਰਕ ਸ਼ੋਸ਼ਣ, ਅਨਾਥ ਬੱਚੇ, ਐੱਚ.ਆਈ.ਵੀ. ਨਾਲ ਪੀੜਿਤ ਬੱਚੇ, ਅਪਹਰਣ/ਅਗਵਾ ਕੀਤੇ ਬੱਚੇ, ਨਸ਼ਾ ਵੇਚਣ ਵਾਲੇ ਬੱਚੇ, ਮੀਡੀਆ ਵੱਲੋਂ ਬੱਚਿਆਂ ਦੇ ਅਧਿਕਾਰਾਂ ਦਾ ਸ਼ੋਸ਼ਣ ਕਰਨਾ, ਬਾਲ ਵਿਆਹ, ਸਕੂਲਾਂ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਬੱਚਿਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਅਤੇ ਦਿਵਿਆਂਗਜਨ ਬੱਚਿਆਂ ਨੂੰ ਆ ਰਹੀਆਂ ਦਿੱਕਤਾਂ ਸਬੰਧੀ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਜਿਸ ਕਿਸੇ ਨੂੰ ਇਸ ਸਬੰਧੀ ਕੋਈ ਵੀ ਮੁਸ਼ਕਲ/ਦਿੱਕਤ ਹੋਵੇ ਤਾਂ ਕੈਂਪ ਵਾਲੇ ਦਿਨ ਸਾਰੇ ਤੱਥਾਂ ਸਮੇਤ ਬੱਚਾ ਆਪ ਜਾਂ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਭੇਜ ਕੇ ਕਮਿਸ਼ਨ ਸਾਹਮਣੇ ਪੇਸ਼ ਹੋ ਕਿ ਆਪਣੀ ਸ਼ਿਕਾਇਤ ਦੱਸ ਸਕਦਾ ਹੈ, ਜਿਸ ਦਾ ਨਿਪਟਾਰਾ ਕਮਿਸ਼ਨ ਦੀ ਟੀਮ ਵੱਲੋਂ ਕੀਤਾ ਜਾਵੇਗਾ।