- ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਿਤ ਕਰੇਗਾ ਜ਼ਿਲਾ ਪ੍ਰਸ਼ਾਸਨ - ਡਿਪਟੀ ਕਮਿਸ਼ਨਰ
- ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ
ਗੁਰਦਾਸਪੁਰ, 15 ਸਤੰਬਰ : ਇਸ ਵਾਰ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਲਾਨ ਕੀਤਾ ਹੈ ਕਿ ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲੇ ਦੇ 55 ਹਾਟ-ਸਪਾਟ ਪਿੰਡਾਂ ਵਿੱਚੋਂ ਜਿਹੜੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਹੋਵੇਗੀ ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦੇ ਨਾਲ ਉਸ ਪਿੰਡ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਨੂੰ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਪੂਰੀ ਤਰਾਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਟੱਬਲ ਬਰਨਿੰਗ ਨੂੰ ਰੋਕਣ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨਾਂ ਹਦਾਇਤ ਕੀਤੀ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੇ ਨਿਰਧਾਰਤ ਖੇਤਰ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਪੂਰੀ ਤਰਾਂ ਜਿੰਮੇਵਾਰ ਹੋਵੇਗਾ ਅਤੇ ਜੇਕਰ ਕਿਸੇ ਕਰਮਚਾਰੀ ਨੇ ਆਪਣੀ ਡਿਊਟੀ ਵਿੱਚ ਕੋਈ ਅਣਗਹਿਲੀ ਜਾਂ ਕੁਤਾਹੀ ਕੀਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਪਰਾਲੀ ਪ੍ਰਬੰਧਨ ਦੇ ਖੇਤੀ ਸੰਦ ਮੌਜੂਦ ਹਨ। ਇਸਤੋਂ ਇਲਾਵਾ ਹਰ ਬਲਾਕ ਵਿੱਚ ਦੋ-ਦੋ ਸੁਪਰਸੀਡਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਕਿਸਾਨ ਇਨਾਂ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਸੰਭਾਲ ਸਕੇ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਖੇਤੀ ਮਸ਼ੀਨਰੀ ਹੋਣ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਗਾਈ ਤਾਂ ਉਨਾਂ ਖਿਲਾਫ ਵੀ ਐਕਸ਼ਨ ਲਿਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀਆਂ ਹਾਨੀਆਂ ਬਾਰੇ ਦੱਸਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਜਾਣਕਾਰੀ ਸਬੰਧੀ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ।