- ਐਮ.ਐਲ.ਏ.ਸੇਖੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਫਰੀਦਕੋਟ 2 ਅਗਸਤ,2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸਾਹਿਬ ਪਿੰਡ ਸੁੱਖਣਵਾਲਾ ਵਿਖੇ 10ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਸੇਖੋਂ ਨੇ ਲੋਕਾਂ ਦੀਆਂ ਮੁਸ਼ਿਕਲਾਂ ਸੁਣੀਆਂ ਅਤੇ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਇਨ੍ਹਾਂ ਸੁਵਿਧਾ ਕੈਂਪਾਂ ਦਾ ਇੱਕੋ ਇੱਕ ਮਕਸਦ ਹੈ ਕਿ ਲੋਕਾਂ ਨੂੰ ਇੱਕੋਂ ਛੱਤ ਥੱਲੇ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੀਆਂ ਸਮੱਸਿਆਵਾਂ ਦਾ ਹੱਲ ਲਈ ਖੱਜਲ ਨਾ ਹੋਣਾ ਪਵੇ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਸਕੇ ਉਨ੍ਹਾਂ ਦੱਸਿਆ ਕਿ ਸੁੱਖਣਵਾਲਾ, ਨਵਾਂ ਕਿਲ੍ਹਾ, ਚੇਤ ਸਿੰਘ ਵਾਲਾ, ਬੀਹਲੇਵਾਲਾ, ਸ਼ੇਰ ਸਿੰਘ ਵਾਲਾ ਅਤੇ ਢਾਬ ਸ਼ੇਰ ਸਿੰਘ ਵਾਲਾ ਪਿੰਡਾਂ ਦੇ ਵਸਨੀਕ ਵੀ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਿਕਲਾਂ ਦੇ ਹੱਲ ਲਈ ਪੁੱਜੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪਾਂ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ 1076 ਹੈਲਪਲਾਈਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ । ਜਿਸ ਰਾਹੀਂ ਪ੍ਰਸ਼ਾਸਨ ਲੋਕਾਂ ਦੇ ਘਰਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਪ੍ਰਾਪਤ ਕਰਨਗੇ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਨਗੇ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਤੱਕ ਪਹੁੰਚਾਇਆ ਜਾਵੇਗਾ । ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ਤੇ ਕਾਲ ਕਰਕੇ ਘਰ ਬੈਠੇ ਅਤੇ ਪਿੰਡ-ਪਿੰਡ ਲਗਾਏ ਜਾ ਰਹੇ ਇਨ੍ਹਾਂ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ ।