ਮੋਗਾ : ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਇਸ ਮੁਬਾਰਕ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਅੱਜ ਪੂਰਾ ਦਿਨ ਵੱਖ ਵੱਖ ਗਤੀਵਿਧੀਆਂ ਕਰਵਾਉਣ ਤੋਂ ਬਾਅਦ ਦੇਰ ਸ਼ਾਮ ਡਿਪਟੀ ਕਮਿਸ਼ਨਰ ਕੈਂਪ ਦਫ਼ਤਰ ਤੋਂ ਸ਼ਹੀਦੀ ਪਾਰਕ ਤੱਕ ਕੈਂਡਲ ਮਸ਼ਾਲ ਮਾਰਚ ਕੱਢਿਆ ਗਿਆ ਜਿਸ ਵਿੱਚ ਵੱਖ ਵੱਖ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਸ ਮਾਰਚ ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕੀਤੀ ਜਦਕਿ ਐੱਸ ਡੀ ਐੱਮ ਸ੍ਰ ਰਾਮ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੁਜਾਵਲ ਜੱਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਭਾਗ ਲੈਣ ਵਾਲੇ ਸਾਰੇ ਲੋਕਾਂ ਨੇ ਹੱਥਾਂ ਵਿੱਚ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਸਬੰਧੀ ਤਖਤੀਆਂ ਫੜ੍ਹੀਆਂ ਹੋਈਆਂ ਸਨ। ਜਿਧਰ ਜਿਧਰ ਇਹ ਮਾਰਚ ਲੰਘ ਰਿਹਾ ਸੀ ਉਹ ਰਸਤਾ ਜਗਮਗਾ ਰਿਹਾ ਸੀ। ਅੱਜ ਪੂਰੇ ਜ਼ਿਲ੍ਹੇ ਵਿੱਚ ਵੀ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਦੀਵੇ ਅਤੇ ਮੋਮਬੱਤੀਆਂ ਜਗਾਈਆਂ ਗਈਆਂ ਸਨ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਵੀਡਿਓ ਮੈਸੇਜ ਵੱਡੀ ਸਕਰੀਨ ਉੱਤੇ ਚਲਾਇਆ ਗਿਆ।ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜੋਗਿੰਦਰ ਚੌਕ ਮੋਗਾ ਤੱਕ ਸਾਈਕਲ ਰੈਲੀ ਕੱਢੀ ਗਈ। ਉਸੇ ਦਿਨ ਸ਼ਾਮ ਨੂੰ 7 ਵਜੇ ਤੋਂ ਬਾਅਦ ਡਿਪਟੀ ਕਮਿਸ਼ਨਰ ਕੈਂਪ ਦਫ਼ਤਰ ਤੋਂ ਸ਼ਹੀਦੀ ਪਾਰਕ ਤੱਕ ਕੈਂਡਲ ਲਾਈਟ ਮਾਰਚ ਕੱਢਿਆ ਗਿਆ ਹੈ ਜਿਸ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕਾਂ ਨੇ ਭਾਗ ਲਿਆ। ਸ਼ਹੀਦੀ ਪਾਰਕ ਵਿਖੇ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਅੱਜ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੌ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਨੂੰ ਉਹਨਾਂ ਦੇ 115ਵੇਂ ਜਨਮ ਦਿਵਸ ਉੱਤੇ ਸਹੀ ਅਰਥਾਂ ਵਿੱਚ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ।