ਜਗਰਾਉਂ, (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਦੀ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਪਈ ਨੇੜਲੇ ਪਿੰਡ ਰਸੂਲਪੁਰ ਦੀ ਵਸਨੀਕ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਧਰਨੇ ਦੇ 216ਵੇਂ ਦਿਨ ਥਾਣੇ ਅੱਗੇ ਧਰਨਾਕਾਰੀਆਂ ਨੇ ਧਰਨਾ ਦਿੱਤਾ ਅਤੇ ਪੁਲਿਸ ਤੇ ਪੰਜਾਬ ਸਰਕਾਰ ਖਿਲਾਫ਼ ਨਾਹਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਬਲਵਿੰਦਰ ਸਿੰਘ ਪੋਨਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਕਮੇਟੀ ਮੈਂਬਰ ਜੱਗਾ ਸਿੰਘ ਢਿੱਲੋਂ, ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ(ਰਜ਼ਿ.) ਸਕੱਤਰ ਜਸਦੇਵ ਸਿੰਘ ਲਲਤੋਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ, ਬੀਕੇਯੂ ਡਕੌਂਦਾ ਆਗੂ ਕੁੰਢਾ ਸਿੰਘ ਕਾਉਂਕੇ, ਰੂਪ ਸਿੰਘ ਤੇ ਸਾਧੂ ਸਿੰਘ ਅੱਚਰਵਾਲ, ਦਲਜੀਤ ਸਿੰਘ ਕਲਸੀ, ਸਰਪੰਚ ਜਸਵੀਰ ਸਿੰਘ ਟੂਸੇ ਨੇ ਜਿਥੇ ਪੁਲਿਸ ਅਧਿਕਾਰੀਆਂ ਦੇ ਪੱਖਪਾਤੀ ਵਤੀਰੇ ਦੀ ਰੱਜ਼ ਕੇ ਨਿੰਦਾ ਕੀਤੀ, ਉਥੇ ਸਤਾਧਾਰੀ ਲੀਡਰਾਂ ਖਿਲਾਫ਼ ਵੀ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਹੁਕਮਾਂ ਦੇ ਬਾਵਜੂਦ ਪੁਲਿਸ ਅਧਿਕਾਰੀ ਪੀੜ੍ਹਤ ਪਰਿਵਾਰ ਨੂੰ ਨਿਆਂ ਦੇਣ ਦੀ ਬਿਜਾਏ ਦੋਸ਼ੀਆਂ ਦਾ ਬਚਾਉ ਕਰਨ ਲਈ ਗੋਂਦਾ ਗੁੰਦ ਰਹੇ ਹਨ। ਕੇਕੇਯੂ ਦੇ ਲੋਕਲ ਪ੍ਰਧਾਨ ਬਲਵਿੰਦਰ ਸਿੰਘ ਕੋਠੇ ਪੋਨਾ, ਪੀਅੈਮਯੂ ਦੇ ਲੋਕਲ ਪ੍ਰਧਾਨ ਬਖਤੌਰ ਸਿੰਘ ਜਗਰਾਉਂ, ਬਲਵਿੰਦਰ ਸਿੰਘ ਫੌਜ਼ੀ ਤੇ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਕਿ ਕਹਿਣ ਨੂੰ ਕਾਨੂੰਨ ਸਭ ਭਾਰਤੀਆਂ ਲਈ ਬਰਾਬਰ ਹੈ ਪਰ ਸੱਚਾਈ ਇਸ ਦੇ ਉੱਲਟ ਹੈ, ਮੌਜੂਦਾ ਪ੍ਰਬੰਧ ਵਿੱਚ ਕਿਰਤੀ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ-ਸਿਆਸੀ-ਗੁੰਡਾ ਗੱਠਜੋੜ ਕਾਨੂੰਨ ਨੂੰ ਆਪਣੀ ਮਰਜ਼ੀ ਅਨੁਸਾਰ ਵਰਤਦੇ ਹਨ। ਇਸ ਸਮੇਂ ਬੀਕੇਯੂ(ਡਕੌਂਦਾ) ਦੇ ਝੰਡਾ ਸਿੰਘ ਲੀਲ੍ਹਾ, ਜਗਰੂਪ ਸਿੰਘ, ਮਹਿੰਦਰ ਸਿੰਘ ਪਾਠੀ, ਜੱਥੇਦਾਰ ਚੜਤ ਸਿੰਘ, ਠੇਕੇਦਾਰ ਅਵਤਾਰ ਸਿੰਘ ਆਦਿ ਹਾਜਰ ਸਨ ।