ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ਵਿੱਚ ਪੰਜਾਬ ਨੂੰ ਜੰਗਲੀ ਤੇ ਕੰਗਾਲੀ ਰਾਜ ਵੱਲ ਧੱਕਿਆ ਜਾ ਰਿਹਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਨੂੰ ਲੈ ਕੇ ਕਰੋੜਾਂ ਰੁਪਏ ਖਰਚ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੈ। ਉਨ੍ਹਾਂ ਕਿਹਾ ਕਿ 7 ਮਹੀਨਿਆਂ ਵਿੱਚ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਧੱਜੀਆਂ ਉਡੀਆਂ ਹਨ। ਇਸ ਸਮੇਂ ਦੌਰਾਨ ਗੈਂਗਸਟਰਾਂ ਦੇ ਹੋਰ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਹੀ ਪੁਲਿਸ ਵਿਭਾਗ ਦਾ ਅਤਿ ਗੁਪਤ ਦਸਤਾਵੇਜ਼ ਲੀਕ ਕੀਤਾ ਗਿਆ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਜਾਨ ਗਈ। ਇਸ ਸਮੇਂ ਦੌਰਾਨ ਹੀ ਮੋਹਾਲੀ ਵਿੱਚ ਵੱਡਾ ਹਮਲਾ ਹੋਇਆ। ‘ਆਪ’ ਸਰਕਾਰ ਹੁੰਦਿਆਂ ਪੁਲਿਸ ਦੀ ਹਿਰਾਸਤ ਵਿੱਚੋਂ ਦੀਪਕ ਟੀਨੂੰ ਗੈਂਗਸਟਰ ਫਰਾਰ ਹੋ ਗਿਆ। ਗੈਂਗਸਟਰ ਆਪਣੀ ਵਟਸਐਪ ਗਰੁੱਪ ਬਣਾ ਕੇ ਨੌਜਵਾਨਾਂ ਨੂੰ ਭਰਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਜੰਗਲ ਰਾਜ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੀ ਮਾਰ ਹੇਠ ਦੱਬੇ ਪੰਜਾਬ ਉਤੇ ‘ਆਪ’ ਸਰਕਾਰ ਹੋਰ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ‘ਆਪ’ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਇਨ੍ਹਾਂ ਇਸ਼ਤਿਹਾਰਾਂ ਨਾਲ ਪੰਜਾਬ ਉਤੇ ਹੋਰ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ, ਸਰਕਾਰ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਜਥੇਬੰਦ ਕਰੇਗੀ। ਉਨ੍ਹਾਂ ਕਿਹਾ ਕਿ ਬਸਪਾ ਲੋਕ ਮੁੱਦਿਆਂ ਉਤੇ ਜਨਤਾ ਦੀ ਕਚਹਿਰੀ ਵਿਚ ਅਤੇ ਸਦਨ ਵਿੱਚ ਵੀ ‘ਆਪ’ ਸਰਕਾਰ ਨੂੰ ਘੇਰੇਗੀ।