ਨਸ਼ਾ ਤਸਕਰਾਂ 'ਤੇ ਕਾਰਵਾਈ ਜਾਰੀ ਤੇ ਮਰੀਜ਼ਾਂ ਦਾ ਕੀਤਾ ਜਾ ਰਿਹੈ ਸਹੀ ਇਲਾਜ : ਡਾ. ਬਲਜੀਤ ਕੌਰ

  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ‘ਚ ਮਲੋਟ ਹਲਕੇ ‘ਚ ਸ਼ੁਰੂ ਹੋਈ ‘ਨਸ਼ਾ ਮੁਕਤੀ ਯਾਤਰਾ’
  • ਪਿੰਡ ਔਲਖ ‘ਚ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦੀ ਵੀ ਰੱਖੀ ਨੀਂਹ

ਸ੍ਰੀ ਮੁਕਤਸਰ ਸਾਹਿਬ, 16 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਹਲਕਾ ਮਲੋਟ ਦੇ ਪਿੰਡ ਦਾਨੇਵਾਲਾ, ਭੰਗਚੜ੍ਹੀ ਅਤੇ ਔਲਖ ‘ਚ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਨ ਮੌਕੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਯਾਤਰਾ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮੂਹ ਹਾਜ਼ਰੀਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ। ਇਸ ਤੋਂ ਇਲਾਵਾ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਔਲਖ ‘ਚ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦੀ ਵੀ ਨੀਂਹ ਰੱਖੀ ਗਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਾਂ ਤਸਕਰਾਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲੀ ਛੋਟ ਦਿੱਤੀ ਗਈ ਹੈ। ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ “ਪਿੰਡ ਦੇ ਪਹਿਰੇਦਾਰ” ਵਜੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਵਿੱਚ ਮੋਹਰੀ ਹੋ ਕੇ ਆਪਣਾ ਹਿੱਸਾ ਪਾਉਣ। ਉਹਨਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਜਾਗਰੂਕ ਕਰਨ ਅਤੇ ਪਿੰਡਾਂ ਵਿੱਚ ਮਤੇ ਪਾਏ ਜਾਣ ਕਿ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਕੋਈ ਜ਼ਮਾਨਤ ਨਹੀਂ ਦੇਵੇਗਾ। ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ। ਉਨ੍ਹਾਂ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਯਾਤਰਾ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਪੁਲਿਸ ਨਾਲ ਤੁਰੰਤ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਲੋਕ ਭਲਾਈ ਦੇ ਕੰਮ ਵਿੱਚ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ, ਪਤਾ ਤੇ ਹੋਰ ਸਾਰਾ ਵੇਰਵਾ ਪੂਰਨ ਤੌਰ ‘ਤੇ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ, ਮੋਰਚੇ ਹਲਕਾ ਮਲੋਟ ਇੰਚਰਾਜ ਬਲਰਾਜ ਸਿੰਘ, ਰੁਪਿੰਦਰ ਕੌਰ ਤਹਿਸੀਲਦਾਰ ਮਲੋਟ, ਕੇਵਲ ਕੁਮਾਰ ਬੀਡੀਓ ਮਲੋਟ, ਪਿੰਡਾਂ ਦੇ ਸਰਪੰਚ ਤੇ ਹੋਰ ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।