- ਲੋਕਾਂ ਦੀਆਂ ਦਰਖਾਸਤਾਂ ਦਾ ਕੀਤਾ ਮੌਕੇ ਤੇ ਹੱਲ
ਫ਼ਰੀਦਕੋਟ 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਗਰੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਢੀਮਾਂਵਾਲੀ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਲੋਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਨਾਉਣ ਦੇ ਉਦੇਸ਼ ਨਾਲ ਇਹ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪਿੰਡ ਢੀਮਾਂਵਾਲੀ ਵਿਖੇ ਲਗਾਏ ਗਏ ਸੁਵਿਧਾ ਕੈਂਪ ਵਿੱਚ ਪਿੰਡ ਦੁਆਰੇਆ, ਮਚਾਕੀ ਮੱਲ ਸਿੰਘ, ਵਾਂਦਰ ਜਟਾਣਾ ਦੇ ਵਸਨੀਕਾਂ ਨੇ ਵੀ ਵਧੀਕ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਵਲੋਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਕੁਝ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਇਨ੍ਹਾਂ ‘ਜਨ ਸੁਵਿਧਾ ਕੈਂਪਾਂ’ ਦਾ ਲਾਹਾ ਲੈ ਕੇ ਆਪਣੇ ਕੰਮ ਕਰਵਾਉਣ। ਇਸ ਮੌਕੇ ਪੀ.ਆਰ.ਓ ਸ.ਮਨਪ੍ਰੀਤ ਧਾਲੀਵਾਲ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਿਹਤ ਅਤੇ ਸਿੱਖਿਆ ਦਾ ਮਿਆਰ ਉੱਚਾ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੈਡਿੰਗ ਪਏ ਇੰਤਕਾਲਾਂ ਸਬੰਧੀ ਕੈਂਪ ਲਗਾ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੀ ਬਦਲਾਅ ਦੀ ਨੀਤੀ ਤਹਿਤ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਦੇ ਮਿਹਨਤ ਦੇ ਆਧਾਰ ਤੇ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਿੰਜਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ਮਕਸਦ ਨਾਲ ਪਾਈਪ ਲਾਈਨਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸ. ਗੁਰਚਰਨ ਸਿੰਘ,ਨਾਇਬ ਤਹਿਸੀਲਦਾਰ ਕੋਟਕਪੂਰਾ, ਜਸਬੀਰ ਜੱਸਾ ਜ਼ਿਲ੍ਹਾ ਯੂਥ ਵਾਈਸ ਪ੍ਰਧਾਨ,ਪਰਮਿੰਦਰ ਸਿੰਘ, ਬਾਬੂ ਸਿੰਘ ਫਿੱਡੇ, ਕੁਲਦੀਪ ਸਿੰਘ, ਇਕਬਾਲ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ ਅਤੇ ਗੁਰਮੇਲ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।