ਜ਼ਮਾਨਤਾਂ ਕਰਵਾਉਣ ਦੇ ਨਾਮ ਤੇ ਪ੍ਰਸ਼ਾਸ਼ਨ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ : ਗੋਗੀ ਭੁੱਲਰ

ਰਾਏਕੋਟ, 24 ਨਵੰਬਰ (ਰਘਵੀਰ ਸਿੰਘ ਜੱਗਾ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸ਼ਨ ਵੱਲੋਂ ਜੁਰਮਾਨਾ ਕਰਨ ਤੋਂ ਬਾਅਦ ਹੁਣ ਜ਼ਮਾਨਤਾਂ ਕਰਵਾਉਣ ਦਾ ਦਬਾਅ ਪਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਸਰਾਸਰ ਗਲਤ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਵੱਲੋੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਉਹ ਇਸ ਦੇ ਖਿਲਾਫ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਕਿਸਾਨ ਆਗੂ ਭੁੱਲਰ ਨੇ ਕਿਹਾ ਕਿ ਮੰਡੀਆਂ ਵਿੱਚ ਸਮੇਂ ਸਿਰ ਝੋਨੇ ਦੀ ਖ੍ਰੀਦ ਨਾ ਹੋਣ ਕਾਰਨ ਸੂਬੇ ਦੇ ਕਿਸਾਨ   ਆਰਥਿਕ ਮੰਦਹਾਲੀ ਨਾਲ ਜੂਝ ਰਹੇ ਹਨ ਅਤੇ ਕਣਕ ਦੀ ਫਸਲ ਦੇਰੀ ਨਾ ਬੀਜਣ ਲਈ ਮਜ਼ਬੂਰ ਹਨ। ਦੂਸਰੇ ਪਾਸੇ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਜ਼ਮਾਨਤਾਂ ਲਈ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਬੀਤੇ ਦਿਨੀਂ ਬਠਿੰਡਾ ਦੇ ਦਾਨੇਵਾਲਾ ‘ਚ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।