ਐਸ ਏ ਐਸ ਨਗਰ : ਪੰਜਾਬ 'ਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸੈਰ ਸਪਾਟਾ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਵੱਲੋਂ ਜ਼ਿਲ੍ਹਾ ਐਸ ਏ ਐਸ ਨਗਰ ਦੀ ਖਰੜ ਅਤੇ ਕੁਰਾਲੀ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਵਿਭਾਗ ਦੇ ਅਧਿਕਾਰੀ ਕੋਲੋ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਕੋਲੋ ਖਰੀਦੀ ਫਸਲ ਸਬੰਧੀ ਵੇਰਵੇ ਤੁਰੰਤ ਅਨਾਜ ਖਰੀਦ ਪੋਰਟਲ ਉੱਪਰ ਦਰਜ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਖਰੜ ਸ੍ਰੀ ਰਵਿੰਦਰ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ੍ਰੀ ਸਤਵੀਰ ਸਿੰਘ, ਮੰਡੀਆਂ ਦੇ ਆੜਤੀਏ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।