ਭੁੱਚੋ ਮੰਡੀ, 17 ਅਪ੍ਰੈਲ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭੁੱਚੋ ਮੰਡੀ ਤੋਂ ਵਿਧਾਇਕ ਜਗਸੀਰ ਸਿੰਘ ਨੂੰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿਰੁੱਧ ਟਿੱਪਣੀਆਂ ਕਰਨ ਦੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਇਕ ਵਾਰ ਫਿਰ ਬੇਨਕਾਬ ਹੋ ਗਿਆ ਹੈ। ਭੁੱਚੋ ਮੰਡੀ ਤੋਂ 'ਆਪ' ਵਿਧਾਇਕ ਨੇ ਸੂਬੇ ਦੀ ਮਾੜੀ ਹਾਲਤ ਲਈ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਬਾਜਵਾ ਨੇ ਕਿਹਾ ਕਿ ਸੂਬੇ ਨੂੰ ਹੋਏ ਨੁਕਸਾਨ ਲਈ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਤੋਂ ਸਵਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਹ ਅਜਿਹਾ ਹੀ ਕਰ ਰਹੇ ਹਨ। ਠੋਸ ਜਵਾਬ ਦੇਣ ਦੀ ਬਜਾਏ 'ਆਪ' ਸਰਕਾਰ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਦੱਸਿਆ ਕਿ ਲਹਿਰਾਗਾਗਾ ਦੇ ਪਿੰਡ ਖੋਖਰ ਕਲਾਂ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਹਜ਼ਾਰਾ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਬਾਜਵਾ ਨੇ ਸੂਬੇ ਵਿੱਚੋਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਖਤਮ ਕਰਨ ਵਿੱਚ ਅਸਫਲ ਰਹਿਣ ਲਈ 'ਆਪ' ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਮੇਰਾ ਦਿਲ ਖੁਦਕੁਸ਼ੀ ਪੀੜਤ ਦੇ ਪਰਿਵਾਰ ਨਾਲ ਹੈ, ਜਿਸ ਨੇ ਪਰਿਵਾਰ ਲਈ ਰੋਟੀ ਕਮਾਉਣ ਵਾਲਾ ਗੁਆ ਦਿੱਤਾ ਹੈ।