- ਚੋਣ ਪ੍ਰਕਿਰਿਆ 'ਚ ਸਰਗਰਮ ਭਾਗੀਦਾਰੀ ਬਣਾਈ ਜਾਵੇ ਯਕੀਨੀ - ਸਾਕਸ਼ੀ ਸਾਹਨੀ
ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਵੋਟਰ ਹੈਲਪਲਾਈਨ' ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ। ਭਾਰਤੀ ਚੋਣ ਕਮਿਸ਼ਨ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ ਤਹਿਤ ਆਯੋਜਿਤ ਇੱਕ ਸਮਾਗਮ ਦੌਰਾਨ ਸਰਕਾਰੀ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਪਿਊਟਰ ਜਾਂ ਮੋਬਾਈਲ 'ਤੇ ਇੱਕ ਕਲਿੱਕ ਰਾਹੀਂ ਵੋਟਰ ਵਜੋਂ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਐਪ ਅਤੇ ਪੋਰਟਲ ਦੀ ਵਰਤੋਂ ਕਰਨ, ਜਿਸ ਨਾਲ ਬਿਨੈ-ਪੱਤਰ ਫਾਰਮ-6 ਜਮ੍ਹਾ ਕਰਨ ਲਈ ਕੁਝ ਮਿੰਟ ਲੱਗਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਐਪ ਨੂੰ ਆਪਣੇ ਐਂਡਰੌਇਡ ਫੋਨ 'ਤੇ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰਨ ਲਈ ਕਿਹਾ ਜਾਂ ਵੋਟਰ ਵਜੋਂ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਵੈਬਸਾਈਟ www.nvsp.in ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾ ਦੀ ਸਹਾਇਤਾ ਲਈ ਰਾਸ਼ਟਰੀ ਟੋਲ-ਫ੍ਰੀ ਨੰਬਰ 1950 'ਤੇ ਸੰਪਰਕ ਕਰਨ ਜਾਂ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਜਾਣ ਦੀ ਵੀ ਸਿਫਾਰਸ਼ ਕੀਤੀ। ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਿਹਾ ਕਿ ਲੁਧਿਆਣਵੀ ਇਸ ਵਾਰ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੱਡੀ ਗਿਣਤੀ ਵਿੱਚ ਅੱਗੇ ਆਉਣ ਅਤੇ 70 ਫੀਸਦ (ਇਸ ਵਾਰ 70 ਪਾਰ) ਪੋਲਿੰਗ ਦਾ ਟੀਚਾ ਪ੍ਰਾਪਤ ਕਰਨਾ ਚਾਹੀਦਾ ਹੈ। ਬਾਅਦ ਵਿੱਚ, ਜ਼ਿਲ੍ਹਾ ਚੋਣ ਅਫ਼ਸਰ ਨੇ ਵਿਦਿਆਰਥੀਆਂ ਨਾਲ ਚੋਣ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਪੋਲਿੰਗ ਵਾਲੇ ਦਿਨ ਵੋਟ ਪਾਉਣ ਨੂੰ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕ੍ਰਿਸ਼ਨ ਪਾਲ ਰਾਜਪੂਤ ਅਤੇ ਪ੍ਰਿੰਸੀਪਲ ਸੁਮਨ ਲਤਾ ਗੁਪਤਾ ਵੀ ਮੌਜੂਦ ਸਨ।