
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਦੇ ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸ ਐਸੋਸੀਏਸ਼ਨ ਪੰਜਾਬ ਵੱਲੋਂ ਜੋ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਤੇ ਤਰੱਕੀਆਂ ਦੇ ਮੁੱਦਿਆਂ ਤੇ ਕੀਤੀ ਜਾ ਰਹੀ ਢਿੱਲ ਮੱਠ ਸਬੰਧੀ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ ਨੂੰ ਐਸੋਸੀਏਸ਼ਨ ਵੱਲੋਂ ਚਾਰ ਦਿਨਾਂ ਲਈ ਟਾਲ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੀ ਜਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੇ ਜਨਰਲ ਸਕੱਤਰ ਡਾ ਅਮਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਸੋਸੀਏਸਨ ਵਿਚਕਾਰ ਮੋਗਾ ਵਿਖੇ ਹੋਈ ਮੀਟਿੰਗ ਦੌਰਾਨ ਕੁੱਝ ਗੱਲਾਂ ਤੇ ਆਮ ਸਹਿਮਤੀ ਬਣੀ ,ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦਿੱਤੇ ਗਏ ਪ੍ਰਸਤਾਵ ਤੇ ਐਸੋਸੀਏਸ਼ਨ ਵੱਲੋਂ ਸਹਿਮਤੀ ਦਿੱਤੀ ਗਈ । ਜਿਸ ਵਿਚ ਸਰਕਾਰ ਵੱਲੋਂ ਇੰਨਾ ਮੰਗਾਂ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਅਗਲੇ 2-3 ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਇਸ ਲਈ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਐਸੋਸ਼ੀਏਸ਼ਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਨਤਕ ਸਿਹਤ ਸੰਭਾਲ ਦੇ ਮੁੱਖ ਮੁੱਦਿਆਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੇ ਉਦੇਸ਼ ਨਾਲ ਨੋਟੀਫਿਕੇਸ਼ਨ ਜਾਰੀ ਕਰਨ ਲਈ ਸਿਹਤ ਵਿਭਾਗ ਦੁਆਰਾ ਕੀਤੇ ਗਏ ਯਤਨਾਂ ਨੂੰ ਵੇਖਦੇ ਹੋਏ ਫੈਸਲਾ ਕੀਤਾ ਹੈ ਕਿ ਵਿਭਾਗ ਨੂੰ ਲੋੜੀਂਦਾ ਸਮਾਂ ਦਿੰਦੇ ਹੋਏ ਅੰਦੋਲਨ ਦਾ 23 ਜਨਵਰੀ ਤੱਕ "ਮੁਲਤਵੀ" ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਐਸੋਸੀਏਸ਼ਨ ਵਿਭਾਗ ਤੋਂ ਆਸ ਕਰਦੀ ਹੈ ਕਿ ਆਮ ਬਣੀ ਸਹਿਮਤੀ ਅਨੁਸਾਰ ਨਿਸ਼ਚਿਤ ਸਮੇਂ ਅੰਦਰ ਨੋਟੀਫਿਕਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ 23 ਜਨਵਰੀ ਨੂੰ ਸ਼ਾਮ 5 ਵਜੇ ਦੁਬਾਰਾ ਐਸੋਸੀਏਸ਼ਨ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਮੌਕੇ ਦੀ ਸਥਿਤੀ ਅਨੁਸਾਰ ਅਤੇ ਜੋਂ ਵੀ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਉਸ ਅਨੁਸਾਰ ਇਸ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।