ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਡਾਇਟ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 20 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਸਿਖਲਾਈ ਸੰਸਥਾ (ਡਾਇਟ) ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖਿਲਾਫ ਇੱਕ ਮਹੀਨੇ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦਿਆਂ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਸਕੂਲਾਂ ਅਤੇ ਕਾਲਜਾਂ ਵਿੱਚ ਕੈਂਪ ਲਾ ਕੇ ਨਸ਼ਿਆਂ ਵਿਰੁੱਧ ਬੱਚਿਆਂ ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸ੍ਰੀ ਅਰੁਣ ਗੁਪਤਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ  ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਅਤੇ ਅਧਿਆਪਕਾਂ ਨੂੰ ਇਹ ਸੁਨੇਹਾ ਹੋਰ ਅੱਗੇ ਵਿਦਿਆਰਥੀਆਂ ਅਤੇ ਆਮ ਲੋਕਾਂ ਵਿੱਚ ਫੈਲਾਉਣ ਲਈ ਕਿਹਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵੀ ਦੱਸਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਵੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ ਅਤੇ ਇਨ੍ਹਾਂ ਤੋਂ ਦੂਰ ਰਹਿਣ ਬਾਰੇ ਵੀ ਪ੍ਰੇਰਿਆ।