- ਸਿਹਤ ਕਰਮੀਆਂ ਨੂੰ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ
ਤਰਨ ਤਾਰਨ, 26 ਸਤੰਬਰ 2024 : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਦੀ ਰਹਿਨੁਮਾਈ ਅਤੇ ਕਮਊਨਿਟੀ ਸਿਹਤ ਕੇਂਦਰ ਕਸੇਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਕੇਂਦਰ ਵਿਖੇ ਬਲਾਕ ਨਾਲ ਸੰਬੰਧਿਤ ਸਮੂਹ ਆਸ਼ਾ ਵਰਕਰਜ ਅਤੇ ਆਸ਼ਾ ਸੁਪਰਵਾਈਜ਼ਰਾਂ ਦੀ ਪਰਾਲੀ ਪ੍ਰਬੰਧਨ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਅਮਨਦੀਪ ਸਿੰਘ, ਬਲਾਕ ਖੇਤੀਬਾੜੀ ਅਫਸਰ ਸ੍ਰੀ ਗੁਰਿੰਦਰਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਸ੍ਰੀ ਗੁਰਮੀਤ ਸਿੰਘ ਅਤੇ ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਆਸ਼ਾ ਵਰਕਰਜ਼ ਨੂੰ ਪਰਾਲੀ ਪ੍ਰਬੰਧਨ ਅਤੇ ਇੱਸ ਨੂੰ ਸਾੜ੍ਹਨ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ। ਖੇਤੀਬਾੜੀ ਅਫਸਰ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਦੀ ਇਹ ਲੋੜ ਹੈ ਕਿ ਸਾਨੂੰ ਸਾਰਿਆਂ ਨੂੰ ਸੁਚੱਜੇ ਢੰਗ ਨਾਲ ਪਰਾਲੀ ਦਾ ਪ੍ਰਬੰਧਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਸ਼ਾ ਵਰਕਰਜ ਨੂੰ ਇਸ ਸਬੰਧੀ ਜਾਗਰੂਕ ਕਰਨ ਦਾ ਮੁੱਖ ਮੰਤਵ ਹੈ ਕਿ ਉਹ ਆਪਣੇ ਆਪਣੇ ਪਿੰਡਾਂ ਦੇ ਵਿੱਚ ਜਾ ਕੇ ਅੱਜ ਦੇ ਸੈਮੀਨਾਰ ਵਿੱਚ ਵਿਚਾਰੇ ਗਏ ਵਿਸ਼ਿਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਸਾਂਝੀ ਤੌਰ 'ਤੇ ਅਜਿਹੇ ਸੈਮੀਨਾਰਾਂ ਦਾ ਪ੍ਰਬੰਧ ਕਰਕੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਸਕੇ। ਖੇਤੀਬਾੜੀ ਅਫਸਰ ਸ੍ਰੀ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ਕਾਰਨ ਧਰਤੀ ਦੀ ਉਪਜਾਊ ਗੁਣਵੱਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਤਰ ਜੀਵ ਵੀ ਨਸ਼ਟ ਹੁੰਦੇ ਹਨ। ਉਹਨਾਂ ਦੱਸਿਆ ਕੀ ਪਰਾਲੀ ਨੂੰ ਸਾੜਨ ਕਾਰਨ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੁੰਦਾ ਹਨ ਅਤੇ ਕਈ ਪ੍ਰਕਾਰ ਦੀਆਂ ਖ਼ਤਰਨਾਕ ਰਸਾਇਣਿਕ ਗੈਸਾਂ ਹਵਾਂ ਨੂੰ ਦੂਸ਼ਿਤ ਕਰਦੀਆਂ ਹਨ, ਜਿਸ ਕਾਰਨ ਨਾਗਰਿਕਾਂ ਨੂੰ ਸਿਹਤ ਅਤੇ ਆਵਾਜਾਈ ਦੌਰਾਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖੇਤੀਬਾੜੀ ਵਿਸਥਾਰ ਅਫਸਰ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਸਮੇਂ-ਸਮੇਂ ਸਿਰ ਸਹੀ ਢੰਗ ਨਾਲ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ਬਕਾਇਦਾ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਮਸ਼ੀਨਾਂ ਦੀ ਮਦਦ ਨਾਲ ਉਹ ਪਰਾਲੀ ਨੂੰ ਧਰਤੀ ਵਿਚ ਰਲਾ ਸਕਦੇ ਹਨ। ਉਹਨਾਂ ਦੱਸਿਆ ਕਿ ਇਹ ਮਸ਼ੀਨਾਂ ਸਰਕਾਰ ਵੱਲੋਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਜਾਂਦੀਆਂ ਹਨ। ਮੈਡੀਕਲ ਅਫਸਰ ਡਾਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ਕਾਰਨ ਸਿਹਤ ਉੱਪਰ ਬਹੁਤ ਹੀ ਮਾੜਾ ਪ੍ਰਭਾਵ ਪੈਂਦਾ ਹੈ। ਉਹਨਾਂ ਨੇ ਕਿਹਾ ਕਿ ਪਰਾਲੀ ਸਾੜਨ ਕਾਰਨ ਸਾਹ ਦੀਆਂ ਬਿਮਾਰੀਆਂ ਤਾਂ ਪੀੜਿਤ ਵਿਅਕਤੀਆਂ ਉੱਤੇ ਬਹੁਤ ਹੀ ਮਾੜਾ ਅਸਰ ਪੈਂਦਾ ਹੈ। ਉਨਾਂ ਕਿਹਾ ਧੂਏ ਕਾਰਨ ਵਾਤਾਵਰਨ ਦੂਸ਼ਿਤ ਹੁੰਦਾ ਹੈ ਜਿਸ ਕਾਰਨ ਸੜਦੀ ਪਰਾਲੀ ਦੇ ਨਜ਼ਦੀਕ ਰਹਿੰਦੇ ਵਿਅਕਤੀਆਂ ਨੂੰ ਚਮੜੀ ਰੋਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਉਹਨਾਂ ਕਿਹਾ ਕਿ ਪਰਾਲੀ ਸੜਨ ਦੇ ਧੂਏ ਕਾਰਨ ਤੰਦਰੁਸਤ ਵਿਅਕਤੀ ਦੇ ਫੇਫੜਿਆਂ ਨੂੰ ਵੀ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਦਾ ਮਾੜਾ ਅਸਰ ਦੇ ਅਹਿਮ ਅੰਗਾ ਦਿਲ ਅਤੇ ਦਿਮਾਗ ਉੱਤੇ ਵੀ ਪੈਂਦਾ ਹੈ। ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਦੱਸਿਆ ਕਿ ਮਾਸ ਮੀਡੀਆ ਵਿੰਗ ਅਤੇ ਪਰਾਲੀ ਪ੍ਰਬੰਧਨ ਅਤੇ ਇਸ ਨੂੰ ਸਾੜਨ ਦੇ ਦੁਸ਼ਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇਗੀ। ਉਨਾਂ ਆਸ਼ਾ ਵਰਕਰਜ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ਦੇ ਵਿੱਚ ਬਣਿਆ ਵੀ.ਐਚ.ਐਸ.ਐਨ.ਸੀ ਕਮੇਟੀਆਂ ਦੇ ਵਿੱਚ ਇਸ ਵਿਸ਼ੇ ਨੂੰ ਪਿੰਡ ਦੇ ਮੋਹਤਬਾਰਾਂ ਨਾਲ ਵਿਚਾਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ।