
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ
ਬੱਲੂਆਣਾ, 16 ਮਈ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਬੱਲੂਆਣਾ ਵਿੱਚ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਹ ਯਾਤਰਾ ਅੱਜ ਪਿੰਡ ਧਰਾਂਗ ਵਾਲਾ, ਭੰਗਾਲਾ ਅਤੇ ਕੁੰਡਲ ਵਿਖੇ ਪਹੁੰਚੀ। ਇਸ ਦੌਰਾਨ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ। ਉਨਾਂ ਨੇ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਮਾਜ ਦੇ ਸਰਬਪੱਖੀ ਸਮਾਜਿਕ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਹਲਕੇ ਵਿੱਚ ਸਿੱਖਿਆ ਨੂੰ ਵੱਡੇ ਪੱਧਰ ਤੇ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ 100 ਕਰੋੜ ਰੁਪਏ ਸਕੂਲਾਂ ਤੇ ਖਰਚ ਕੀਤੇ ਗਏ ਹਨ। ਇਸੇ ਤਰਾਂ 15 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਸੁਖਚੈਨ ਵਿੱਚ ਨਵਾਂ ਸਰਕਾਰੀ ਕਾਲਜ ਬਣਾਇਆ ਗਿਆ ਹੈ। 1900 ਕਰੋੜ ਰੁਪਏ ਦੀ ਲਾਗਤ ਨਾਲ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਤਰਾਂ ਰਾਜ ਸਰਕਾਰ ਨੇ 56 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਸਾਡੇ ਨੌਜਵਾਨਾਂ ਨੂੰ ਇੱਕ ਸਹੀ ਦਿਸ਼ਾ ਦਿੱਤੀ ਹੈ। ਇਸ ਮੌਕੇ ਉਹਨਾਂ ਇਹ ਵੀ ਦੱਸਿਆ ਕਿ ਹਲਕੇ ਵਿੱਚ 44 ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਗਏ ਹਨ। ਇਸ ਮੌਕੇ ਵਿਧਾਇਕ ਨੇ ਪਿੰਡ ਭੰਗਾਲਾਂ ਵਿੱਚ ਸੋਲਰ ਲਾਈਟਾਂ ਲਈ 5 ਲੱਖ ਰੁਪਏ ਅਤੇ ਜਿੰਮ ਬਣਾਉਣ ਲਈ 10 ਲੱਖ ਰੁਪਏ ਦੀ ਗਰਾਂਟ ਅਤੇ ਪਿੰਡ ਕੁੰਡਲ ਵਿੱਚ ਖੇਡ ਸਟੇਡੀਅਮ ਅਤੇ ਜਿੰਮ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਤੋਂ ਇਲਾਵਾ ਇਸ ਪਿੰਡ ਵਿੱਚ ਕਮਿਊਨਿਟੀ ਹਾਲ ਬਣਾਉਣ ਦਾ ਐਲਾਨ ਵੀ ਕੀਤਾ । ਇਸ ਮੌਕੇ ਉਨਾਂ ਦੇ ਨਾਲ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅੰਤਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।