
ਸ੍ਰੀ ਫ਼ਤਹਿਗੜ੍ਹ ਸਾਹਿਬ, 16 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਇਸ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ। ਇਹ ਫ਼ਿਲਮ 17 ਜਨਵਰੀ 2025 ਨੂੰ ਰਲੀਜ਼ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਇਸੇ ਦੌਰਾਨ ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ ਨੂੰ ਮੰਗ ਪੱਤਰ ਦੇਣ ਸਮੇਂ ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਬਰਜਿੰਦਰ ਸਿੰਘ ਬੌੜ ਸਾਬਕਾ ਚੇਅਰਮੈਨ ਵੱਲੋਂ ਕਿਹਾ ਗਿਆ ਹੈ ਕਿ ਇਸ ਫਿਲਮ ਨੂੰ ਪੰਜਾਬ ਵਿੱਚ ਨਾ ਲਾਗੂ ਹੋਣ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਭੇਜ ਇਤਰਾਜ਼ ਦਰਜ ਕਰਵਾਏ ਜਾ ਚੁੱਕੇ ਹਨ, ਜਿਸ ਰਾਹੀਂ ਇਹ ਸਪਸ਼ਟ ਕਿਹਾ ਗਿਆ ਸੀ ਕਿ ‘ਐਮਰਜੈਂਸੀ ਫ਼ਿਲਮ ਪੰਜਾਬ ਅੰਦਰ ਨਹੀਂ ਚੱਲਣ ਦਿੱਤੀ ਜਾਵੇਗੀ’, ਕਿਉਂਕਿ ਇਹ ਫ਼ਿਲਮ ਸਿੱਖਾਂ ਨੂੰ ਬਦਨਾਮ ਕਰਨ ਲਈ ਬਣਾਈ ਗਈ ਹੈ। ਉਥੇ ਹੀ ਆਗੂਆਂ ਵੱਲੋਂ ਕਿਹਾ ਗਿਆ ਹੈ ਕਿ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਆਪਸੀ ਭਾਈਚਾਰਕ ਸਾਂਝ ਤੇ ਬਹੁਤ ਬੁਰਾ ਅਸਰ ਪਵੇਗਾ ਕਿਉਂਕਿ ਇਸ ਫ਼ਿਲਮ ਵਿੱਚ ਸਿੱਖਾਂ ਦੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਵੀ ਕਿਰਦਾਰਕੁਸ਼ੀ ਕੀਤੀ ਗਈ ਹੈ।