ਮਹਿਲ ਕਲਾਂ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਨੂੰ ਹਿਮਾਚਲ ਵਿੱਚ ਵਾਅਦਾ ਚਿਤਾਉਣ ਗਏ ਡੀਟੀਐੱਫ ਦੀ ਅਗਵਾਈ ਵਿੱਚ ਅਧਿਆਪਕਾਂ ਉੱਪਰ ਜ਼ਾਲਮਾਨਾ ਪੁਲਿਸ ਕਾਰਵਾਈ ਕਰਨ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਹਿਮਾਚਲ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਪੂਰਾ ਲਾਮ ਲਸ਼ਕਰ ਲੈਕੇ ਪਰਚਾਰ ਕਰ ਰਹੀ ਹੈ। ਇੱਕ ਵਾਰ ਫਿਰ ਥਾਂ-ਥਾਂ ਤੇ ਹਿਮਾਚਲ ਦੇ ਲੋਕਾਂ ਨਾਲ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ਉਸਾਰਨ ਦੇ ਝੂਠੇ ਵਾਅਦੇ ਕਰ ਰਹੀ ਹੈ। ਹਿਮਾਚਲ ਦੇ ਲੋਕਾਂ ਨੂੰ ਪੰਜਾਬ ਅੰਦਰ ਸਿੱਖਿਆ ਮਾਡਲ ਦੀ ਅਸਲੀਅਤ ਦੱਸਣ ਲਈ ਪੰਜਾਬ ਦੀ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀ ਡੀਟੀਐੱਫ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪਿਛਲੇ ਦਿਨਾਂ ਵਿੱਚ ਜਦੋਂ ਡੀਟੀਐੱਫ ਸਮੇਤ ਹੋਰਨਾਂ ਜਥੇਬੰਦੀਆਂ ਦੀ ਅਗਵਾਈ ਵਿੱਚ ਪੰਜਾਬ ਦੀ ਸਿੱਖਿਆ ਦੀ ਅਸਲੀਅਤ ਦੱਸਣ ਲਈ ਸੈਂਕੜੇ ਅਧਿਆਪਕ ਸ਼ਿਮਲਾ ਪਹੁੰਚੇ ਤਾਂ ਪੁਲਿਸ ਸੈਂਕੜੇ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਥਾਣੇ ਲੈ ਗਈ। ਰਿੱਜ ਮੈਦਾਨ ਸ਼ਿਮਲਾ ਵਿਖੇ ਅਧਿਆਪਕ ਇਹ ਦੱਸਣ ਲਈ ਗਏ ਸਨ ਕਿ ਪੰਜਾਬ ਵਿੱਚ 25,000 ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਉੱਪਰ ਭਰਤੀ ਕਰਨ ਤੋਂ ਇਨਕਾਰੀ ਹੋਈ ਬੈਠੀ ਹੈ, 40 % ਬੀਪੀਈਓ ਦੀਆਂ ਖਾਲੀ ਅਸਾਮੀਆਂ ਨਹੀਂ ਭਰੀਆਂ ਜਾ ਰਹੀਆਂ, 180 ਈਟੀਟੀ ਅਧਿਆਪਕਾਂ ਨੂੰ ਰੈਗੂਲਰ ਕਰਨ ਬਾਅਦ ਪੂਰੇ ਲਾਭ ਨਹੀਂ ਦਿੱਤੇ ਜਾ ਰਹੇ, ਓਡੀਐੱਲ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਇਹ ਅਧਿਆਪਕਾਂ ਦਾ ਬੁਨਿਆਦੀ ਹੱਕ ਹੈ। ਮਨਜੀਤ ਧਨੇਰ ਨੇ ਕਿਹਾ ਕਿ ਇਹ ਮੰਤਰੀ ਉਸੇ ਪਾਰਟੀ ਦੀ ਸਰਕਾਰ ਵਿੱਚੋਂ ਹੈ, ਜਿਸ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਪੰਜਾਬ ਵਾਸੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਚੋਣਾਂ ਜਿੱਤਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਬਸੰਤੀ ਪੱਗਾਂ ਬੰਨ੍ਹ ਕੇ ਇਨਕਲਾਬ-ਜ਼ਿੰਦਾਬਾਦ ਦੇ ਨਾਹਰਿਆਂ ਨਾਲ ਸਹੁੰ ਚੁੱਕ ਕੇ ਬਦਲਾਅ ਲਿਆਉਣ ਦਾ ਵੱਡਾ ਖੇਖਣ ਕੀਤਾ ਸੀ। ਇਸ ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਲੋਕਾਂ ਦੇ ਮਸਲਿਆਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਤਜਣਾ ਸ਼ੁਰੂ ਕਰ ਦਿੱਤਾ ਹੋਇਆ ਹੈ। ਅਜਿਹਾ ਹੋਣ ਨਾਲ ਪੰਜਾਬ ਦੇ ਲੋਕਾਂ ਦਾ ਸਰਕਾਰ ਦੇ ਇਨ੍ਹਾਂ ਝੂਠੇ ਵਾਅਦਿਆਂ ਅਤੇ ਲਾਰਿਆਂ ਤੋਂ ਅੱਕੇ ਲੋਕਾਂ ਦਾ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦਾ ਹਰ ਸ਼ਹਿਰ, ਚੌਂਕ, ਚੌਰਾਹਾ ਸੰਘਰਸ਼ ਕੇਂਦਰ ਬਣ ਚੁੱਕਾ ਹੈ। ਆਗੂਆਂ ਨੇ ਕਿਹਾ ਕਿ ਬੀਕੇਯੂ ਏਕਤਾ ਡਕੌਂਦਾ ਅਧਿਆਪਕਾਂ ਦੇ ਹੱਕੀ ਸੰਘਰਸ਼ ਨਾਲ ਡਟਕੇ ਖੜੀ ਹੈ ਅਤੇ ਪੰਜਾਬ ਸਰਕਾਰ ਤੋਂ ਜੋਰਦਾਰ ਮੰਗ ਕਰਦੀ ਹੈ ਕਿ ਅਧਿਆਪਕਾਂ ਸਮੇਤ ਸੰਘਰਸ਼ਸ਼ੀਲ ਤਬਕਿਆਂ ਦੇ ਬੁਨਿਆਦੀ ਮਸਲੇ ਹੱਲ ਕੀਤੇ ਜਾਣ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੁਲਿਸ ਜਬਰ ਰਾਹੀਂ ਹੱਕ ਮੰਗਦੇ ਲੋਕਾਂ ਦੇ ਸੰਘਰਸ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ।